ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਬਾਲ ਸੁਰੱਖਿਆ ਯੂਨਿਟ ਵੱਲੋਂ ਤਹਿਸੀਲ ਗੜ੍ਹਸ਼ੰਕਰ ਸਮੇਤ ਜ਼ਿਲ੍ਹੇ ਦੀਆਂ ਪ੍ਰਮੁੱਖ ਥਾਵਾਂ 'ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ਅਨੰਦਪੁਰ ਸਾਹਿਬ ਰੋਡ, ਨੰਗਲ ਰੋਡ, ਬੰਗਾ ਚੌਕ, ਚੰਡੀਗੜ੍ਹ ਚੌਂਕ, ਗੜ੍ਹਸ਼ੰਕਰ ਬੱਸ ਅੱਡਾ, ਤਹਿਸੀਲ ਕੰਪਲੈਕਸ, ਦਸੂਹਾ ਬੱਸ ਅੱਡਾ ਅਤੇ ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਰਗੇ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਛੋਟੇ ਬੱਚਿਆਂ ਨੂੰ ਦਾਨ ਨਾ ਦੇਣ, ਸਗੋਂ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਵਿੱਚ ਮਦਦ ਕਰਨ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਦੇ ਖ਼ਾਤਮੇ ਲਈ ਭੀਖ ਮੰਗਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਦੀ ਕਾਊਾਸਲਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਦੇ ਬਜਾਏ ਸਕੂਲ ਭੇਜਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰ ਸਕਣ | ਉਨ੍ਹਾਂ ਸਰਕਾਰ ਵੱਲੋਂ ਚਲਾਈ ਜਾ ਰਹੀ ਸਪਾਂਸਰਸ਼ਿਪ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ, ਜਿਸ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਸਿੱਖਿਆ ਲਈ ਪ੍ਰਤੀ ਮਹੀਨਾ 4000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਕਿਤੇ ਵੀ ਭੀਖ ਮੰਗਦਾ ਦਿਖਾਈ ਦਿੰਦਾ ਹੈ, ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਰਾਮ ਕਲੋਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਨੂੰ ਸੂਚਿਤ ਕੀਤਾ ਜਾਵੇ |