ਬੁੱਲ੍ਹੋਵਾਲ, 22 ਦਸੰਬਰ (ਲੁਗਾਣਾ)-ਨਿਊਜ਼ੀਲੈਂਡ ਦੇ ਸਾਊਥ ਆਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਸਿੱਖ ਸੰਗਤ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦਾ ਕੁੱਝ ਸ਼ਰਾਰਤੀ ਲੋਕਾਂ ਵਲੋਂ ਕੀਤੇ ਵਿਰੋਧ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੇਸ ਰਾਜ ਸਿੰਘ ਧੁੱਗਾ ਸਾਬਕਾ ਸੰਸਦੀ ਸਕੱਤਰ ਕਿਹਾ ਕਿ ਸਿੱਖ ਕੌਮ ਨਿਊਜ਼ੀਲੈਂਡ ਜਾਂ ਕਿਸੇ ਵੀ ਹੋਰ ਦੇਸ਼ ਜਿੱਥੇ ਉਹ ਵੱਸਦੇ ਹਨ, ਉੱਥੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕਰੜੀ ਮਿਹਨਤ ਨਾਲ ਕਰਦਿਆਂ ਨਾਗਰਿਕਤਾ ਜਾਂ ਕੰਮ ਕਰਨ ਦੀ ਪ੍ਰਵਾਨਗੀ ਹਾਸਲ ਕਰਦੇ ਹਨ ਤੇ ਉੱਥੋਂ ਦੀ ਤਰੱਕੀ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਮੁਲਕ ਦੇ ਜਿਸ ਵੀ ਕੋਨੇ ਵਿਚ ਸਿੱਖ ਸੰਗਤ ਵਲੋਂ ਨਗਰ ਕੀਰਤਨ ਕੱਢਿਆ ਜਾਂਦਾ ਹੈ ਉੱਥੋਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਸਰਕਾਰੀ ਪ੍ਰਵਾਨਗੀਆਂ ਤੋਂ ਬਾਅਦ ਹੀ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਇਸ ਦੀ ਸੁਰੱਖਿਆ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਥਾਨਕ ਸਰਕਾਰ ਦੀ ਜ਼ਿੰਮੇਵਾਰੀ ਹੈ |