ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ)-ਬਲਾਕ ਸੰਮਤੀ ਜ਼ੋਨ ਸਤੌਰ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਮਜੀਤ ਸਿੰਘ ਦਾ ਸਨਮਾਨ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਸੀਨੀਅਰ ਆਗੂ ਪਵਨ ਕੁਮਾਰ ਆਦੀਆ ਤੇ ਕੁਸਮ ਆਦੀਆ ਦੀ ਅਗਵਾਈ 'ਚ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਮਿਲਿਆ ਭਾਰੀ ਸਮਰਥਨ ਇਹ ਸਿੱਧ ਕਰਦਾ ਹੈ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਰਾਜਸੀ ਦਖਲ ਅੰਦਾਜ਼ੀ ਦੇ ਚੱਲਦਿਆਂ ਵੀ ਕਾਂਗਰਸੀ ਉਮੀਦਵਾਰਾਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅਨੇਕਾਂ ਸੰਮਤੀ ਜ਼ੋਨਾਂ 'ਚ ਜਿੱਤ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੋਵੇਗਾ ਅਤੇ 2027 'ਚ ਵਿਧਾਨਸਭਾ ਚੋਣਾਂ 'ਚ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਆਰੰਭ ਕਰ ਦੇਣ | ਇਸ ਮੌਕੇ ਸੰਮਤੀ ਮੈਂਬਰ ਪਰਮਜੀਤ ਸਿੰਘ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਲਾਕੇ 'ਚ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ | ਇਸ ਮੌਕੇ ਸਰਪੰਚ ਕੁਲਦੀਪ ਕੌਰ, ਪੰਚ ਪਰਮਿੰਦਰ ਕੌਰ, ਪੰਚ ਬਲਵੀਰ ਕੌਰ, ਪੰਚ ਦਲਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |