ਹੁਸ਼ਿਆਰਪੁਰ, 24 ਦਸੰਬਰ (ਬਲਜਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਨਵੰਬਰ 2025 ਤੋਂ 8 ਮਾਰਚ 2026 ਤੱਕ ਚਲਾਈ ਜਾ ਰਹੀ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ 'ਚ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਰੋਜ਼ਾਨਾ ਮਨਾਈ ਜਾ ਰਹੀ ਹੈ | ਇਸ ਸਬੰਧ ਵਿਚ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਅਜੜਾਮ ਵਿਚ ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਵਿਸ਼ੇਸ਼ ਮੁਹਿੰਮ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਬਾਲ ਵਿਆਹ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ, ਜੋ ਕਿ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਅਤੇ ਸਮਾਜਿਕ ਨਿਆਂ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ | ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਬਾਲ ਵਿਆਹ ਇਕ ਸਮਾਜਿਕ ਅਪਰਾਧ ਹੈ ਅਤੇ ਨਾਲ ਹੀ ਕਾਨੂੰਨ ਦੀ ਗੰਭੀਰ ਉਲੰਘਣਾ ਵੀ ਹੈ | ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਸਕੂਲ ਪ੍ਰਬੰਧਨ ਦੀ ਮਦਦ ਨਾਲ ਲੋਕਾਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ |