ਹੁਸ਼ਿਆਰਪੁਰ, 25 ਦਸੰਬਰ (ਹਰਪ੍ਰੀਤ ਕੌਰ)-ਪਿਛਲੇ ਕਰੀਬ 13 ਸਾਲਾਂ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਜੇਲ ਵਾਰਡਰ ਉਮੀਦਵਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਢੀ ਗਈ ਨਵੀਂ ਭਰਤੀ ਵਿਚ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਰੱਖਿਆ ਜਾਵੇ | ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਤ ਉਮੀਦਵਾਰਾਂ ਵਿਕਾਸ ਕੁਮਾਰ, ਅਜੀਤ ਸਿੰਘ, ਅਸ਼ੋਕ ਕੁਮਾਰ ਆਦਿ ਨੇ ਇਕ ਸਮਾਚਾਰ ਪੱਤਰ 'ਚ ਪਿਛਲੇ ਦਿਨੀਂ ਛਪੀ ਖਬਰ ਦਾ ਹਵਾਲਾ ਦਿੰਦਿਆਂ, ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਨੌਜਵਾਨਾਂ 'ਚ ਜੇਲ੍ਹ ਵਿਭਾਗ ਦੀ ਨੌਕਰੀ ਤੋਂ ਮੋਹ ਭੰਗ ਹੋ ਗਿਆ ਹੈ, 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਉਹ ਪਿਛਲੇ 13 ਸਾਲਾਂ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਲਗਾਤਾਰ ਅਣਗੋਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਲ 2011 ਵਿਚ ਸਰਕਾਰ ਵਲੋਂ ਜੇਲ੍ਹ ਵਿਭਾਗ ਅੰਦਰ ਵਾਰਡਰ ਤੇ ਮੈਟਰਨ ਦੀ ਭਰਤੀ ਸਬੰਧੀ ਇਸ਼ਤਿਹਾਰ ਕੱਢਿਆ ਗਿਆ ਸੀ | ਇਸ ਭਰਤੀ ਵਿਚ ਉਨ੍ਹਾਂ ਨੇ ਸਰੀਰਕ ਪ੍ਰੀਖਿਆ ਪਾਸ ਕਰ ਲਈ ਸੀ ਪਰ ਬਾਅਦ ਵਿਚ ਇਸ਼ਤਿਹਾਰ ਵਿਚ ਖਾਮੀਆਂ ਦੱਸਦਿਆਂ ਇਸ ਭਰਤੀ ਨੂੰ ਰੱਦ ਕਰ ਦਿੱਤਾ ਗਿਆ ਤੇ ਉਨ੍ਹਾਂ ਨੂੰ ਜੁਆਇਨ ਨਹੀਂ ਕਰਵਾਇਆ ਗਿਆ | ਉਮੀਦਵਾਰਾਂ ਨੇ ਦੱਸਿਆ ਕਿ ਹੁਣ ਪੰਜਾਬ ਦੇ ਵਿੱਤ ਮੰਤਰੀ ਵਲੋਂ ਫ਼ਿਰ ਤੋਂ ਜੇਲ੍ਹ ਵਾਰਡਰ ਤੇ ਮੈਟਰਨ ਦੀ ਨਵੀਂ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਇਸ ਭਰਤੀ ਵਿਚ ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਰੱਖਿਆ ਜਾਵੇ |