ਚੌਂਕੀਮਾਨ, 2 ਜੂਨ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣਾਈ ਗਈ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ ਤਹਿਤ ਭਰਤੀ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਹਲਕੇ ਦਾਖੇ ਦੇ ਪਿੰਡ ਜੱਸੋਵਾਲ (ਕੁਲਾਰ) ਵਿਖੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਤੇ ਨਗਰ ਨਿਵਾਸੀਆਂ ਵਲੋਂ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਚੱਟਾਨ ਵਾਂਗ ਖੜ੍ਹਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਚਲਾਈ ਭਰਤੀ ਮੁਹਿੰਮ ਅਧੀਨ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣ ਕੇ ਮੈਂਬਰਸ਼ਿੱਪ ਹਾਸਲ ਕੀਤੀ | ਇਸ ਮੌਕੇ ਨਗਰ ਨਿਵਾਸੀਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਂਦਾ ਹੈ ਉਸ 'ਤੇ ਪਹਿਰਾ ਦੇਣਾ ਹਰ ਇਕ ਸਿੱਖ ਦਾ ਫਰਜ਼ ਬਣਦਾ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਲਈ ਨਹੀਂ ਸਗੋ ਸਾਰੀਆਂ ਕੌਮਾਂ ਲਈ ਸਰਵਉੱਚ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣਾਈ ਗਈ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਸ੍ਰੋਮਣੀ ਅਕਾਲੀ ਦਲ ਦੀ ਚਲਾਈ ਭਰਤੀ ਮੁਹਿੰਮ ਨੂੰ ਸਫ਼ਲ ਬਣਾਉਣਾ ਵੀ ਸਾਡਾ ਫਰਜ਼ ਹੈ ਤੇ ਪੰਜਾਬ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਨੂੰ ਮੁੜ ਸੁਰਜੀਤੀ ਹੋਣਾ ਪਵੇਗਾ ਕਿਉਂਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਸਿੱਖ ਕੌਮ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੋਵੇਗਾ | ਇਸ ਮੌਕੇ ਭਰਤੀ ਮੁਹਿੰਮ ਵਿਚ ਹਿੱਸਾ ਲੈਣ ਵਾਲੇ ਪਿੰਡ ਜੱਸੋਵਾਲ (ਕੁਲਾਰ) ਦੇ ਨਗਰ ਨਿਵਾਸੀਆਂ ਨੇ ਕਿਹਾ ਕਿ ਪੰਜਾਬ ਵਿਚ ਹੀ ਨਹੀਂ ਸਗੋੋਂ ਇਹ ਭਰਤੀ ਮੁਹਿੰਮ ਪੂਰੇ ਦੇਸ਼ ਸਮੇਤ ਵਿਦੇਸ਼ਾਂ ਬੈਠੇ ਪੰਜਾਬੀਆਂ ਲਈ ਅਹਿਮ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਲਈ ਲੜਾਈ ਲੜ ਸਕਦਾ ਹੈ |