ਜਗਰਾਉਂ, 4 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਗੁਲਬਹਾਰ ਸਿੰਘ ਤੂਰ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ (ਐੱਨ.ਸੀ.ਪੀ.ਸੀ.ਆਰ.) ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ | ਇਸ ਸਬੰਧ ਵਿਚ 1 ਜਨਵਰੀ 2025 ਨੂੰ 3 ਤੋਂ 6 ਸਾਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਅਤੇ ਦੇਖ-ਭਾਲ (ਈ.ਸੀ.ਸੀ.ਈ.) ਕੇਂਦਰਾਂ ਵਿਚ ਬੱਚਿਆਂ ਲਈ ਸੁਰੱਖਿਆਤ ਵਾਤਾਵਰਣ ਸਬੰਧੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਨਿੱਜੀ ਸਕੂਲ, ਸੰਸਥਾਂਵਾਂ, ਪਲੇਅ-ਵੇ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿਚ ਕੰਮ ਕਰ ਰਹੀਆਂ ਨਿੱਜੀ ਸੰਸਥਾਂਵਾਂ, ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਵਿਭਾਗ ਵਲੋਂ ਰਜਿਸਟ੍ਰੇਸ਼ਨ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ ਹੈ | ਰਜਿਸਟ੍ਰੇਸ਼ਨ ਕਰਵਾਉਣ ਅਤੇ ਵਧੇਰੇ ਜਾਣਕਾਰੀ ਲਈ ਇਨ੍ਹਾਂ ਸੰਸਥਾਂਵਾਂ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ, ਸਮਾਜ ਭਲਾਈ ਕੰਪਲੈਕਸ, ਸ਼ਿਮਲਾਪੁਰੀ ਨੇੜੇ ਗਿੱਲ ਨਹਿਰ, ਗਿੱਲ ਰੋਡ ਲੁਧਿਆਣਾ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਨਾਲ ਤਾਲ-ਮੇਲ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਬਿਨੈਕਾਰਾਂ ਨੂੰ ਫਾਰਮ ਨੰਬਰ-1 ਭਰਨਾ ਹੋਵੇਗਾ ਜੋ ਕਿ ਜ਼ਿਲ੍ਹਾ ਲੁਧਿਆਣਾ ਦੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਸਬੰਧਿਤ ਬਲਾਕ ਦੇ ਸੀ.ਡੀ.ਪੀ.ਓ. ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ ਅਤੇ ਵਿਭਾਗ ਦੇ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਨਿੱਜੀ ਸੰਸਥਾਂਵਾਂ/ਪਲੇਅ-ਵੇਅ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਜਾਵੇਗਾ ਅਤੇ ਜੋ ਸੰਸਥਾਂਵਾਂ ਈ.ਸੀ.ਸੀ.ਈ. ਪੋਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਨਗੀਆਂ, ਉਨ੍ਹਾਂ ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |