ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਕ ਪਾਸੇ ਤਾਂ ਪੰਜਾਬ ਦਾ ਵੱਡਾ ਹਿੱਸਾ ਹੜ੍ਹਾਂ ਦੇ ਖੌਫਨਾਕ ਮੰਜ਼ਰ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਸਰਕਾਰਾਂ ਵਲੋਂ ਹੜ੍ਹਾਂ ਦੀ ਮਾਰ ਦਾ ਸਾਹਮਣੇ ਕਰ ਰਹੇ ਲੋਕਾਂ ਦੀ ਰਾਹਤ ਲਈ ਕੋਈ ਵੀ ਵਿਸ਼ੇਸ਼ ਪੈਕੇਜ਼ ਨਹੀਂ ਦਿੱਤਾ ਜਾ ਰਿਹਾ | ਇਹ ਪ੍ਰਗਟਾਵਾ ਹਲਕਾ ਰਾਏਕੋਟ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ ਅਤੇ ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ ਕੇ. ਡੀ. ਗੋਬਿੰਦਗੜ੍ਹ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ, ਉਥੇ ਹੀ ਸੁਖਬੀਰ ਸਿੰਘ ਬਾਦਲ ਵਲੋਂ ਪੀੜ੍ਹਤ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਬੇਘਰ ਹੋਏ ਲੋਕਾਂ ਨੂੰ ਕੁਝ ਰਾਹਤ ਮੁਹੱਈਆ ਹੋ ਸਕੇ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰ ਵੀ ਸੇਵਾਵਾਂ ਨਿਭਾਅ ਰਹੇ ਹਨ | ਅਕਾਲੀ ਆਗੂਆਂ ਨੇ ਆਖਿਆ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੀ ਸੂਬੇ ਅੰਦਰ ਹੜ੍ਹਾਂ ਵਰਗੇ ਹਾਲਾਤ ਬਣੇ ਹਨ ਕਿਉਂਕਿ ਸਰਕਾਰ ਵਲੋਂ ਸਮੇਂ ਅਨੁਸਾਰ ਮਾਨਸੂਨ ਦੀ ਸਥਿਤੀ ਨੂੰ ਦੇਖਦੇ ਹੋਏ ਕੋਈ ਵੀ ਢੁੱਕਵੇਂ ਪ੍ਰਬੰਧ ਮੁਕੰਮਲ ਨਹੀਂ ਕੀਤੇ ਗਏ, ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਦਰਿਆਈ ਪਾਣੀਆਂ ਦੇ ਮਾਰ ਹੇਠਾਂ ਆ ਚੁੱਕਾ ਹੈ |