ਚੌਂਕੀਮਾਨ, 26 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਅਦਾਰੇ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਮੈਬਰਾਂ ਦੀ ਵਿਸ਼ੇਸ਼ ਮੀਟਿੰਗ ਤੇ ਗੇਟ ਰੈਲੀ ਸਰਕਾਰੀ ਆਈ.ਟੀ.ਆਈ ਜੱਸੋਵਾਲ (ਕੁਲਾਰ) ਵਿਚ ਰੱਖੀ ਗਈ | ਇਸ ਮੀਟਿੰਗ ਵਿਚ ਠੇਕੇਦਾਰ ਪ੍ਰਣਾਲੀ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਹੱਕਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਰਕਾਰ 'ਤੇ ਗਿਲਾ ਕਰਦਿਆਂ ਆਖਿਆ ਕਿ ਪਿਛਲੇ ਲਗਭਗ 16 ਵਰਿ੍ਹਆਂ ਤੋਂ ਅਦਾਰਿਆਂ ਵਿਚ ਗਰੁੱਪ (ਬੀ) ਕਰਾਫ਼ਟ ਇੰਸਟਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸਰਕਾਰੀ ਸਹੂਲਤ ਦੇਣ ਦੇ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇ ਕੇ ਸੋਸ਼ਣ ਕੀਤਾ ਜਾ ਰਿਹਾ ਹੈ, ਜਦ ਕਿ ਭਰਤੀ ਵੇਲੇ ਇਹ ਮੁਲਾਜ਼ਮ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਸਨ | ਉਨ੍ਹਾਂ ਤਰਕ ਦਿੱਤਾ ਕਿ ਜਦੋਂ ਵਿਧਾਨਕਾਰਾਂ ਦੀ ਚੋਣ 'ਤੇ ਕੋਈ ਅਰਜੀ ਸਮਾਂ ਨਹੀਂ ਹੈ ਅਤੇ ਨਾ ਹੀ ਤਿੰਨ ਸਾਲ ਮੁੱਢਲੀ ਤਨਖ਼ਾਹ ਦੀ ਸ਼ਰਤ ਹੈ ਤਾਂ ਉਨ੍ਹਾਂ ਨੂੰ ਜੋ ਬੱਚਿਆਂ ਦਾ ਭਵਿੱਖ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਵਰਗ ਨਾਲ ਧੱਕਾ ਕਿਉਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਚ ਲੱਗਣ ਵਾਲੀ 10 ਰੁਪਏ ਦੀ ਪਰਚੀ 'ਤੇ ਵੀ ਮੁਆਫ਼ੀ ਨਹੀਂ ਦਿੱਤੀ ਗਈ | ਆਗੂਆਂ ਨੇ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ ਕਰਦੇ ਹੋਏ 5 ਅਕਤੂਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਚ ਧਰਨਾ ਲਗਾ ਕੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ | ਰੈਲੀ ਵਿਚ ਹਾਜ਼ਰ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਆਈ.ਟੀ.ਆਈਆਂ ਵਿਚ ਕੰਮ ਕਰ ਰਹੇ ਸਾਰੇ ਕਰਾਫਟ ਇੰਸਟਕਟਰਾਂ ਨੂੰ ਵਿਭਾਗ ਅਧੀਨ ਲੈ ਕੇ ਬੇਸਿਕ ਤਨਖ਼ਾਹ 35400 ਰੁਪਏ ਦੇ ਨਾਲ 3 ਫ਼ੀਸਦੀ ਸਲਾਨਾ ਇੰਕਰੀਮੈਂਟ ਨਾਲ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਦੇਣੀ ਯਕੀਨੀ ਬਣਾਈ ਜਾਵੇ |