ਮੁੱਲਾਂਪੁਰ-ਦਾਖਾ, 27 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਤਲਵੰਡੀ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਆਗੂਆਂ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਖਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਜਸਵੰਤ ਸਿੰਘ ਮਾਨ, ਰਣਜੀਤ ਸਿੰਘ ਗੁੜੇ ਤੇ ਗੁਰਸੇਵਕ ਸਿੰਘ ਸਵੱਦੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਮੀਟਿੰਗ ਸਮੇਂ ਮਾ: ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ ਪਿਛਲੇ ਦਿਨੀਂ ਸਰਵਉੱਚ ਅਦਾਲਤ ਵਲੋਂ ਝੋਨੇ ਦੀ ਪਰਾਲੀ ਨੂੰ ਲੈ ਕੇ ਰਾਜ ਸਰਕਾਰ ਨੂੰ ਕਿਸਾਨਾਂ ਖਿਲਾਫ਼ ਸਖ਼ਤੀ ਦੇ ਨਿਰਦੇਸ਼ ਤਾਂ ਦਿੱਤੇ ਗਏ, ਪ੍ਰੰਤੂ ਕਿਸਾਨ ਦਾ ਪੱਖ ਨਹੀਂ ਸੁਣਿਆ | ਮਾਸਟਰ ਲਲਤੋਂ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਸਾਲ 2022 'ਚ ਕੇਂਦਰ ਤੇ ਰਾਜ ਸਰਕਾਰਾਂ ਨੂੰ ਹੁਕਮ ਕੀਤਾ ਸੀ ਕਿ ਪਰਾਲੀ ਦੀ ਸਾਂਭ ਸੰਭਾਲ ਤੇ ਢੁਕਵੇਂ ਹੱਲ ਸਬੰਧੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ 'ਤੇ ਘੱਟੋ ਘੱਟ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ | ਕਰੀਬ 3 ਸਾਲ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਪੁਲਿਸ ਦੀਆਂ ਝਿੜਕਾਂ ਤੋਂ ਸਿਵਾਏ ਬੋਨਸ ਦੇ ਰੂਪ 'ਚ ਧੇਲਾ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਅਦਾਲਤ ਸਰਕਾਰਾਂ ਨੂੰ ਬੋਨਸ ਲਈ ਕੋਈ ਸਖਤ ਨਿਰਦੇਸ਼ ਦੇਵੇ ਤਾਂ ਪਰਾਲੀ ਦਾ ਝੰਜਟ ਹੀ ਖ਼ਤਮ ਹੋ ਜਾਵੇਗਾ | ਇਸ ਮੀਟਿੰਗ 'ਚ ਫ਼ੈਸਲਾ ਹੋਇਆ ਕਿ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀਆਂ ਪਿੰਡ ਇਕਾਈਆਂ ਦੇ ਅਹੁਦੇਦਾਰ, ਪਿੰਡਾਂ ਅੰਦਰ ਸਪੋਰਟਸ ਅਤੇ ਵੈਲਫੇਅਰ ਕਲੱਬਾਂ ਨੂੰ ਨਾਲ ਲੈ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਦਰਿਆਵਾਂ ਦੀ ਰੇਤ ਹੇਠ ਢਕੀਆਂ ਪਈਆਂ ਜ਼ਮੀਨ ਨੂੰ ਸਾਫ਼ ਕਰਨ ਲਈ ਮਦਦ ਕਰੀਏ | ਮੀਟਿੰਗ ਸਮੇਂ ਡਾ. ਗੁਰਮੇਲ ਸਿੰਘ ਕੁਲਾਰ, ਤੇਜਿੰਦਰ ਸਿੰਘ ਬਿਰਕ, ਲਛਮਣ ਸਿੰਘ ਸਿੱਧਵਾਂ, ਬਲਦੇਵ ਸਿੰਘ ਪੰਡੋਰੀ, ਗੁਰਦੀਪ ਸਿੰਘ ਮੰਡਿਆਣੀ, ਅਮਰਜੀਤ ਸਿੰਘ ਖੰਜਰਵਾਲ, ਸੋਹਣ ਸਿੰਘ ਸਵੱਦੀ, ਕੁਲਦੀਪ ਸਿੰਘ ਸਵੱਦੀ, ਗੁਰਚਰਨ ਸਿੰਘ ਤਲਵੰਡੀ, ਹੋਰਨਾਂ ਨੇ ਜਥੇਬੰਦੀ ਦੇ ਸੀਨੀਅਰ ਆਗੂਆਂ ਵਲੋਂ ਲਏ ਫ਼ੈਸਲਿਆਂ ਦੀ ਪ੍ਰੋੜਤਾ ਕੀਤੀ |