ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ)-ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ | ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਦੱਸਿਆ ਕਿ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਰਵਿਘਨ ਖ਼ਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ | ਚੇਅਰਮੈਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਫ਼ਸਲ ਤੈਅ ਸਮੇਂ ਵਿਚ ਖਰੀਦੀ ਜਾਵੇ ਤੇ ਨਾਲ-ਨਾਲ ਫ਼ਸਲ ਦੀ ਅਦਾਇਗੀ ਤੇ ਲਿਫ਼ਟਿੰਗ ਵੀ ਹੁੰਦੀ ਰਹੇ | ਉਨ੍ਹਾਂ ਨੇ ਮਾਰਕੀਟ ਕਮੇਟੀ ਖੰਨਾ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਆਏ ਝੋਨੇ ਦੀ ਸਥਿਤੀ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗਾ ਦੇ ਪ੍ਰਬੰਧ ਕੀਤੇ ਗਏ ਹਨ | ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ | ਝੋਨੇ ਵਿਚ ਨਮੀ 17 ਫ਼ੀਸਦ ਤੋਂ ਵਧੇਰੇ ਹੋਣ ਦੀ ਸੂਰਤ ਵਿਚ ਖ਼ਰੀਦ ਏਜੰਸੀਆਂ ਖ਼ਰੀਦ ਕਰਨ ਵਿਚ ਅਸਮਰਥ ਹੁੰਦੀਆਂ ਹਨ | ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਬਹੁਤ ਗੰਭੀਰ ਹੈ | ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ |