ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਗਰ ਸੁਧਾਰ ਟਰੱਸਟ ਖੰਨਾ ਵਿਖੇ ਤਰਸ ਦੇ ਆਧਾਰ 'ਤੇ ਨਗਰ ਕੌਂਸਲ ਖੰਨਾ ਵਿਚ ਦਿਵਾਸ਼ੂ ਘਈ, ਸਾਹਿਲ ਬਾਲੂ, ਅਮਨ ਟਾਂਕ ਅਤੇ ਪੰਕਜ ਬਾਲੂ ਨਾਮ ਦੇ ਚਾਰ ਜਰੂਰਤਮੰਦ ਨੌਜਵਾਨਾਂ ਨੂੰ ਸਫ਼ਾਈ ਸੇਵਕ ਦੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ | ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਵੀ ਮੌਜੂਦ ਸਨ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ 'ਮਿਸ਼ਨ ਰੋਜ਼ਗਾਰ' ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿਚ ਸੂਬੇ ਦੇ ਨੌਜਵਾਨਾਂ ਨੂੰ 56,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖ਼ਰੀ ਸਮੇਂ 'ਤੇ ਨੌਜਵਾਨਾਂ ਨੂੰ ਕੁੱਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ | ਕੈਬਨਿਟ ਮੰਤਰੀ ਨੇ ਨਗਰ ਕੌਂਸਲ ਖੰਨਾ ਵਿਚ ਤਰਸ ਦੇ ਆਧਾਰ 'ਤੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭਾਵਨਾ ਨਾਲ ਸੇਵਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਅਨਿਲ ਕੁਮਾਰ ਗੇਟੂ, ਸਫ਼ਾਈ ਯੂਨੀਅਨ ਦੇ ਪ੍ਰਧਾਨ ਗਰੀਬ ਦਾਸ ਵੀ ਹਾਜ਼ਰ ਸਨ |