ਰਾਏਕੋਟ, 19 ਅਕਤੂਬਰ (ਸੁਸ਼ੀਲ)-ਰਾਏਕੋਟ ਤਹਿਸੀਲ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ | ਇਸ ਸਬੰਧ ਵਿਚ ਐੱਸ.ਡੀ.ਐੱਮ. ਮੈਡਮ ਉਪਿੰਦਰਜੀਤ ਕੌਰ ਬਰਾੜ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਦੀਵਾਲੀ ਦਾ ਤਿਉਹਾਰ ਪ੍ਰਕਾਸ਼ ਅਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ, ਜੋ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ | ਉਨ੍ਹਾਂ ਅਪੀਲ ਕੀਤੀ ਕਿ ਇਸ ਲਈ ਸਾਰੇ ਨਾਗਰਿਕ ਇਸ ਤਿਉਹਾਰ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਟਾਕਿਆਂ ਦੀ ਵਰਤੋਂ ਸੀਮਿਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਖੁੱਲੀ ਜਗ੍ਹਾ 'ਤੇ ਹੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਟਾਕੇ ਚਲਾਏ ਜਾਣ | ਪਟਾਕੇ ਚਲਾਉਣ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਦਾ ਖ਼ਿਆਲ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਿਰਫ਼ ਗ੍ਰੀਨ ਕ੍ਰੈਕਰ ਹੀ ਵਰਤੇ ਜਾਣ | ਐੱਸ.ਡੀ.ਐੱਮ ਬਰਾੜ ਨੇ ਬਿਜਲੀ ਦੇ ਸਮਾਨ ਅਤੇ ਦੀਵੇ ਜਗਾਉਂਦੇ ਸਮੇਂ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਸਮਾਜਿਕ ਭਾਈਚਾਰੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਅਪੀਲ ਕਰਦੇ ਹੋਏ ਸਮੂਹ ਨਾਗਰਿਕਾਂ ਨੂੰ ਤਿਉਹਾਰਾਂ ਦੀ ਮੁਬਾਰਕਬਾਦ ਦਿੱਤੀ |