ਜਗਰਾਉਂ, 2 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ 3 ਨਵੰਬਰ 2025 ਤੋਂ ਸ਼ੁਰੂ ਹੋ ਰਹੇ ਹਨ | ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਇਲਾਕੇ ਦੀਆਂ ਨਾਮੀ ਸ਼ਖਸੀਅਤਾਂ ਨੂੰ ਸੱਦਾ ਪੱਤਰ ਦੇਣ ਦੇ ਸਿਲਸਿਲੇ ਤਹਿਤ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੂੰ ਉਨ੍ਹਾਂ ਦੇ ਗ੍ਰਹਿ ਅਗਵਾੜ ਲੋਪੋ ਜਗਰਾਉਂ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਾਗਮਾਂ ਦੌਰਾਨ ਗੁਰੂ ਸਾਹਿਬਾਨਾਂ ਦੀਆਂ ਜੀਵਨੀਆਂ ਅਤੇ ਸਿੱਖ ਇਤਿਹਾਸ ਸਬੰਧੀ ਸੈਮੀਨਾਰ ਅਤੇ ਮੁਕਾਬਲੇ ਹੋਣੇ ਚਾਹੀਦੇ ਹਨ | ਇੰਨ੍ਹਾਂ ਮੁਕਾਬਲਿਆਂ ਵਿਚ ਨਵੀਂ ਪਨੀਰੀ ਖਾਸ ਕਰਕੇ ਬੱਚਿਆਂ ਦੀ ਹਾਜ਼ਰੀ ਜ਼ਿਆਦਾ ਕੀਤੀ ਜਾਵੇ | ਇਸ ਮੌਕੇ ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ ਅਤੇ ਚਰਨਜੀਤ ਸਿੰਘ ਨੇ ਦੱਸਿਆ ਕਿ 3 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ | 4 ਨਵੰਬਰ ਸਵੇਰੇ 10 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ | 5 ਨਵੰਬਰ ਨੂੰ ਸਵੇਰੇ 9:30 ਵਜੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਬਾਅਦ ਦੁਪਹਿਰ ਤੱਕ ਦੀਵਾਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਰਾਤਰੀ ਗੁਰਮਤਿ ਦੀਵਾਨ ਸਜਾਏ ਜਾਣਗੇ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮਿਗਲਾਨੀ ਨੇ ਇਲਾਕਾ ਨਿਵਾਸੀਆਂ ਨੂੰ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਪਹੁੰਚਣ ਦੀ ਅਪੀਲ ਕੀਤੀ |