ਜਗਰਾਉਂ, 22 ਨਵੰਬਰ (ਗੁਰਦੀਪ ਸਿੰਘ ਮਲਕ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥੀ ਆਗੂ ਐਡਵੋਕੇਟ ਅਮਨਦੀਪ ਕੌਰ ਨੂੰ ਅਗਿਆਤ ਫ਼ੋਨ ਤੋਂ ਧਮਕੀਆਂ ਦੇਣ ਦਾ ਗੰਭੀਰ ਨੋਟਿਸ ਲੈਦਿਆਂ ਇਨਕਲਾਬੀ ਕੇਂਦਰ ਪੰਜਾਬ ਵਲੋਂ ਇਸ ਨੂੰ ਵਿਚਾਰ ਪ੍ਰਗਟਾਵੇ ਦੇ ਅਧਿਕਾਰ, ਔਰਤਾਂ ਦੇ ਸਵੈਮਾਨ ਉੱਪਰ ਹਮਲੇ ਵਜੋਂ ਲਿਆ ਹੈ ਅਤੇ ਇਸਨੂੰ ਸੰਘੀ ਗੁੰਡਾਗਰਦੀ ਕਰਾਰ ਦਿੱਤਾ ਹੈ | ਇਨਕਲਾਬੀ ਕੇਂਦਰ ਪੰਜਾਬ ਨੇ ਜਮਹੂਰੀ ਅਤੇ ਜਨਤਕ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਇਸ ਗੁੰਡਾਗਰਦੀ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ | ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਐਡਵੋਕੇਟ ਅਮਨਦੀਪ ਕੌਰ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਇਕ ਨੋਟੀਫੀਕੇਸ਼ਨ ਰਾਹੀਂ ਪੰਜਾਬ ਯੂਨਵਿਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਖ਼ਿਲਾਫ਼ ਆਵਾਜ਼ ਉਠਾਈ ਸੀ | ਉਨ੍ਹਾਂ ਵਲੋਂ ਇਸ ਸੰਬੰਧੀ ਕੇਂਦਰ ਸਰਕਾਰ ਦੇ ਮਨਸੂਬਿਆਂ ਬਾਰੇ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਅਤੇ ਵਿਦਿਆਰਥੀ ਅੰਦੋਲਨ ਬਾਰੇ ਭਰਪੂਰ ਜਾਣਕਾਰੀ ਦਿੰਦੀਆਂ ਵੀਡੀਓ ਜਾਰੀ ਕੀਤੀਆਂ ਗਈਆਂ ਸਨ | ਇਨ੍ਹਾਂ ਵੀਡੀਓਜ਼ ਅੰਦਰ ਦਿੱਤੀ ਜਾਣਕਾਰੀ ਪੰਜਾਬ ਯੂਨੀਵਰਸਿਟੀ ਨਾਲ ਨੇੜਿਓ ਜੁੜੇ ਸੰਘਰਸ਼ੀ ਵਿਦਿਆਰਥੀਆਂ ਅਤੇ ਪੰਜਾਬ ਦੇ ਆਮ ਲੋਕਾਂ ਲਈ ਬਹੁਤ ਅਹਿਮ ਸੀ ਜਿਹੜੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸੇ ਤਰ੍ਹਾਂ ਵੀ ਹਜ਼ਮ ਹੋਣ ਵਾਲੀ ਨਹੀਂ ਹੈ | ਐਡਵੋਕੇਟ ਅਮਨਦੀਪ ਕੌਰ ਨੇ ਇਸ ਸਬੰਧੀ ਬਾਰ ਐਸੋਸੀਏਸ਼ਨ ਚੰਡੀਗੜ੍ਹ ਨੂੰ ਸੂਚਿਤ ਕਰਨ ਤੋਂ ਇਲਾਵਾ ਐੱਸ.ਐੱਸ.ਪੀ. ਚੰਡੀਗੜ੍ਹ ਨੂੰ ਸ਼ਿਕਾਇਤ ਮੇਲ ਕੀਤੀ ਹੈ ਪਰ ਪੁਲਿਸ ਪ੍ਰਸਾਸ਼ਨ ਚੰਡੀਗੜ੍ਹ ਵਲੋਂ ਅਜੇ ਤੱਕ ਕਿਸੇ ਅਗਿਆਤ ਨੰਬਰ ਰਾਹੀਂ ਇਹ ਕਰਤੂਤ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ | ਇਨਕਲਾਬੀ ਕੇਂਦਰ ਪੰਜਾਬ ਪ੍ਰਸ਼ਾਸ਼ਨ ਤੋਂ ਕੀਤੀ ਕਿ ਅਜਿਹੇ ਜਮਹੂਰੀਅਤ ਵਿਰੋਧੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ |