ਰਾਏਕੋਟ, 17 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਹਿਲਾ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਵਿੰਦਰ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਭੱਟੀ ਅਤੇ ਜਗਦੇਵ ਸਿੰਘ ਗਰੇਵਾਲ ਨੇ ਦੱਸਿਆ ਕਿ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਬਾਬੇ ਸ਼ਹੀਦਾਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਨੇੜੇ ਟੈਲੀਫੋਨ ਐਕਸਚੇਂਜ ਰਾਏਕੋਟ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਿਤੀ 27 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਮੁੱਚੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਸਮੇਂ ਸੰਪੰਨ ਹੋਵੇਗਾ, ਜਿਸ ਦੌਰਾਨ ਪੰਥ ਦੇ ਮਹਾਨ ਢਾਡੀ, ਰਾਗੀ ਅਤੇ ਗੱਤਕਾ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾਉਣਗੀਆਂ | ਪ੍ਰਬੰਧਕਾਂ ਨੇ ਦੱਸਿਆ ਕਿ 'ਨਵਾਂ ਸਾਲ ਗੁਰੂ ਦੇ ਨਾਲ' ਤਹਿਤ 17ਵਾਂ ਮਹਾਨ ਕੀਰਤਨ ਦਰਬਾਰ ਮਿਤੀ 31 ਦਸੰਬਰ 2025 ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਪੰਥ ਦੇ ਮਹਾਨ ਢਾਡੀ, ਕਥਾਵਾਚਕ ਤੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਕੀਰਤਨ ਤੇ ਕਥਾ-ਵਿਚਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਸਮੇਂ ਗੁਰੂ ਦਾ ਲੰਗਰ ਅਤੁੱਟ ਵਰਤੇਗਾ |