ਜਗਰਾਉਂ, 20 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਵਿਚ ਸ਼ਹਾਦਤਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਾਇਆ ਗਿਆ | ਸਮਾਗਮ ਵਿਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ | ਇਸ ਉਪਰੰਤ ਦੀਵਾਨ ਸਜਾਏ ਗਏ | ਇਸ ਸਮਾਗਮ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ, ਕਵੀਸ਼ਰੀ ਤੇ ਢਾਡੀ ਜਥਿਆਂ ਨੇ ਵਾਰਾਂ ਦਾ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਸਬੰਧੀ ਜਾਣੂ ਕਰਵਾਇਆ | ਇਸ ਦੌਰਾਨ ਸ਼ਹਾਦਤਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 25 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਇਸ ਖ਼ੂਨਦਾਨ ਕੈਂਪ ਵਿਚ ਸੰਗਤਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਵੀ ਆਪਣਾ ਖ਼ੂਨਦਾਨ ਕੀਤਾ | ਇਸ ਕੈਂਪ ਵਿਚ ਖ਼ੂਨ ਇਕੱਤਰ ਕਰਨ ਲਈ ਜਗਰਾਉਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਪਹੁੰਚੀ | ਇਸ ਕੈਂਪ ਦਾ ਉਦਘਾਟਨ ਕਰਨ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ ਨੇ ਕਿਹਾ ਕਿ ਸ਼ਹਾਦਤਾਂ ਦੇ ਦਿਨ ਸੰਗਤ ਵਲੋਂ ਜਿਥੇ ਗੁਰਬਾਣੀ ਦਾ ਜਾਪ ਕਰਨਾ ਹੈ, ਉੱਥੇ ਸਮਾਜ ਸੇਵੀ ਕਾਰਜ ਵੀ ਕਰਨੇ ਹਨ | ਉਨ੍ਹਾਂ ਦੱਸਿਆ ਕਿ ਇਸ ਭਾਵਨਾ ਤਹਿਤ ਹੀ ਮੱਸਿਆ ਵਾਲੇ ਦਿਹਾੜੇ ਖ਼ੂਨਦਾਨ ਕੈਂਪ ਲਾਇਆ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਜਾਂ ਬਿਮਾਰੀ ਨਹੀਂ ਲੱਗਦੀ ਹੈ | ਉਨ੍ਹਾਂ ਸੰਗਤਾਂ ਨੂੰ ਸਮਾਜ ਦੀ ਭਲਾਈ ਅਤੇ ਤੰਦਰੁਸਤੀ ਲਈ ਅਜਿਹੇ ਕਾਰਜ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਸੁਖਦੀਪ ਸਿੰਘ ਸਿੱਧਵਾਂ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਜਸਵਿੰਦਰਪਾਲ ਸਿੰਘ, ਸੁਖਜੀਵਨ ਸਿੰਘ, ਭੁਪਿੰਦਰ ਸਿੰਘ, ਗੁਰਿੰਦਰ ਸਿੰਘ, ਤੇਜਿੰਦਰ ਸਿੰਘ, ਕੁਲਦੀਪ ਸਿੰਘ, ਰਾਜਪ੍ਰੀਤ ਸਿੰਘ, ਗੁਰਬਖਸ਼ ਸਿੰਘ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ |