ਰਾਏਕੋਟ, 28 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਵੋਟ ਪ੍ਰਤੀਸ਼ਤ ਵਿਚ ਵਾਧਾ ਹੋਣ ਨਾਲ ਅਕਾਲੀ ਵਰਕਰਾਂ ਅੰਦਰ ਇਕ ਨਵਾਂ ਜੋਸ਼ ਪੈਦਾ ਹੋ ਚੁੱਕਾ ਹੈ ਅਤੇ ਪਾਰਟੀ ਦਾ ਗਰਾਫ਼ ਦਿਨੋ-ਦਿਨ ਉਚਾਈਆਂ ਨੂੰ ਛੂਹਣ ਲੱਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਬੱਸੀਆਂ, ਪੰਚ ਰਾਜ ਸਿੰਘ ਸੱਤੋਵਾਲ ਤੇ ਸਾਬਕਾ ਪੰਚ ਭੁਪਿੰਦਰ ਸਿੰਘ ਸੱਤੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵੋਟਰਾਂ ਨੇ ਅਕਾਲੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜ਼ਿਲ੍ਹੇ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਸਮੇਤ ਆਦਿ ਹਲਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਕਲੀਨ ਸਵੀਪ ਕਰਦਿਆਂ ਵੱਡੇ ਪੱਧਰ 'ਤੇ ਸੀਟਾਂ ਜਿੱਤੀਆਂ ਹਨ, ਜਦਕਿ ਹੋਰਨਾਂ ਜ਼ਿਲਿ੍ਹਆਂ ਵਿਚ ਵੀ ਅਕਾਲੀ ਉਮੀਦਵਾਰਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ | ਉਨ੍ਹਾਂ ਆਖਿਆ ਕਿ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਤੂਤੀ ਬੋਲਣ ਲੱਗ ਚੁੱਕੀ ਹੈ, ਜਿਸ ਕਰਕੇ ਲੋਕ ਬਾਕੀ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਲਈ ਉਤਾਵਲੇ ਹਨ | ਅਕਾਲੀ ਆਗੂਆਂ ਨੇ ਆਖਿਆ ਕਿ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਮਿਲੇ ਭਰਵੇਂ ਸਮਰਥਨ ਤੋਂ ਜਾਪਦਾ ਹੈ ਵਿਧਾਨ ਸਭਾ ਚੋਣਾਂ 2027 ਵਿਚ ਅਕਾਲੀ ਦਲ ਆਪਣੀ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗਾ |