ਜਗਰਾਉਂ, 29 ਦਸਬੰਰ (ਸ਼ਮਸ਼ੇਰ ਸਿੰਘ ਗਾਲਿਬ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਵਿਖੇ ਪਿਛਲੇ ਇਕ ਮਹੀਨੇ ਤੋਂ ਧਾਰਮਿਕ ਸਮਾਗਮ ਚੱਲ ਰਹੇ ਹਨ | ਗੁਰਦੁਆਰਾ ਸਾਹਿਬ ਵਿਖੇ ਸਵੇਰੇ ਪ੍ਰਭਾਤ ਫੇਰੀਆਂ ਤੇ ਸ਼ਾਮ ਨੂੰ ਸ਼ਾਮਾਂ ਫੇਰੀਆਂ ਚੱਲ ਰਹੀਆਂ ਹਨ, ਜਿਸ 'ਚ ਸੰਗਤਾਂ ਵੱਧ-ਚੜ੍ਹਕੇ ਹਿੱਸਾ ਲੈ ਰਹੀਆਂ ਹਨ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਵੀ ਚੱਲ ਰਹੀਆਂ ਹਨ | ਸਮਾਗਮਾਂ ਸਬੰਧੀ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਦੀ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਆਰੰਭੀਆਂ ਹੋਈਆਂ ਹਨ | ਇਸ ਸਬੰਧੀ ਪ੍ਰਬੰਧਕ ਕਮੇਟੀ ਨੇ 2 ਜਨਵਰੀ ਨੂੰ ਗੁਰਦੁਆਰਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੂੰ ਸੱਦਾ ਪੱਤਰ ਦਿੱਤਾ | ਇਸ ਮੌਕੇ ਐੱਸ.ਐੱਸ.ਪੀ. ਡਾ: ਗੁਪਤਾ ਨੇ ਕਿਹਾ ਕਿ ਨਗਰ ਕੀਰਤਨ ਦੌਰਾਨ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਜਾਵੇਗੀ ਅਤੇ ਪੁਲਿਸ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਿ੍ੰਸੀਪਲ ਚਰਨਜੀਤ ਸਿੰਘ ਭੰਡਾਰੀ, ਜਨਰਲ ਸਕੱਤਰ ਹਰਦੇਵ ਸਿੰਘ ਬੌਬੀ, ਖਜ਼ਾਨਚੀ ਇੰਦਰਪਾਲ ਸਿੰਘ ਵਛੇਰ, ਸੀਨੀਅਰ ਮੀਤ ਪ੍ਰਧਾਨ ਅਜੀਤ ਸਿੰਘ ਮਿਗਲਾਨੀ, ਵਾਈਸ ਖ਼ਜ਼ਾਨਚੀ ਰਵਿੰਦਰਪਾਲ ਸਿੰਘ ਮੈਦ ਤੇ ਕਾਕੂ ਕੋਹਲੀ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਤੋਂ 2 ਜਨਵਰੀ ਨੂੰ ਮਹਾਨ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 4 ਜਨਵਰੀ ਅਤੇ 5 ਜਨਵਰੀ ਨੂੰ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ 'ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪ੍ਰੋਫ਼ੈਸਰ ਜਗਰੂਪ ਸਿੰਘ ਰੂਪ ਖ਼ਾਲਸਾ ਅਤੇ ਭਾਈ ਸੁਖਵੰਤਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |