ਬਲਾਚੌਰ, 3 ਜੂਨ (ਨਰੇਸ਼ ਧੌਲ)-ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸੰਬੰਧਿਤ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਮੋਹਰ ਯੂਨਿਟ ਦੀ ਮੀਟਿੰਗ ਸਰਦਾਰ ਹਰਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਸੂਬਾਈ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਨੂੰ ਹਥਿਆਉਣ ਲਈ ਨਵੀਂ ਲੈਂਡ ਪੋਲਿੰਗ ਪਾਲਸੀ ਲਿਆ ਕੇ ਕਿਸਾਨਾਂ ਦੇ ਉਜਾੜੇ ਲਈ ਕਮਰਕੱਸੇ ਕਰ ਲਏ ਹਨ | ਇਸ ਲੈਂਡ ਪੂਲਿੰਗ ਪਾਲਿਸੀ ਰਾਹੀਂ ਪੰਜਾਬ ਦੇ ਸ਼ਹਿਰਾਂ ਨਾਲ ਲੱਗਦੇ ਕਿਸਾਨਾਂ ਦੀ ਉਪਜਾਊ ਜ਼ਮੀਨਾਂ 'ਤੇ ਕਬਜ਼ਾ ਕਰਨਾ ਹੈ | ਬਹਾਨਾ ਪੰਜਾਬ ਦੇ ਵਿਕਾਸ ਲਈ ਸ਼ਹਿਰੀ ਕਾਲੋਨੀਆਂ ਦਾ ਲਾਇਆ ਗਿਆ | ਇਸ ਪਾਲਿਸੀ ਨੂੰ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ | ਹੁਣ ਪੰਜਾਬ ਸਰਕਾਰ ਨੇ ਤੁਰੰਤ ਲੁਧਿਆਣਾ ਸ਼ਹਿਰ ਦੇ ਨਾਲ ਲੱਗਦੇ ਬੱਤੀ ਪਿੰਡਾਂ ਦੀ ਜ਼ਮੀਨ ਨੂੰ ਹੱਥ ਪਾਇਆ ਹੈ | ਇਹਨਾਂ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੋਲਿੰਗ ਪਾਲਿਸੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ | ਸਾਥੀ ਰਾਣਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੂਰਾ ਸਮਰਥਨ ਦੇਣ ਲਈ ਤਿਆਰ ਬਰ ਤਿਆਰ ਹੈ |