ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਵਿਲੱਖਣ ਯੋਗਦਾਨ, ਬਹਾਦਰੀ ਅਤੇ ਵਿਸ਼ੇਸ਼ ਉਪਲਬਧੀਆਂ ਵਾਲੇ ਬੱਚਿਆਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਦਿੱਤੇ ਜਾਂਦੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਲੋੜੀਂਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ | ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਵਿਲੱਖਣ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਜਿਨ੍ਹਾਂ ਨੇ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਵਿਸ਼ੇਸ਼ ਉਪਲਬਧੀਆਂ ਹਾਸਿਲ ਕੀਤੀਆਂ ਹੋਣ | ਉਨ੍ਹਾਂ ਕਿਹਾ ਕਿ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ, ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ਮਾਨਤਾ ਦੇ ਹੱਕਦਾਰ ਹਨ, ਸ਼ਾਨਦਾਰ ਯੋਗਦਾਨ ਜਾਂ ਪ੍ਰਾਪਤੀਆਂ ਹਾਸਿਲ ਕਰਨ ਵਾਲੇ ਬੱਚੇ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਇਸ ਪੁਰਸਕਾਰ ਲਈ ਯੋਗ ਬੱਚੇ ਭਾਰਤ ਦੇ ਨਾਗਰਿਕ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਉਮਰ 18 ਸਾਲ ਤੱਕ ਦੀ ਹੋਵੇ | ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਇਹ ਪੁਰਸਕਾਰ ਰਾਸ਼ਟਰੀ ਪੱਧਰ ਦਾ ਹੈ ਜਿਸ ਲਈ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ ਵਧੇਰੀ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜਿਲ 'ਤੇ ਸਥਿਤ ਕਮਰਾ ਨੰ. 413 'ਚ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |