ਬਲਾਚੌਰ, 4 ਜੂਨ (ਨਰੇਸ਼ ਧੌਲ)-ਪੰਜਾਬ ਸਰਕਾਰ ਦੀ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਦੇ ਉਦੇਸ਼ ਨਾਲ ਲੈਫ. ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਵਲੋਂ ਟੀਮ ਸਮੇਤ ਪਿੰਡ ਖ਼ੋਜਾ ਬੇਟ ਅਤੇ ਠਠਿਆਲਾ ਬੇਟ 'ਚ ਸ਼ਿਰਕਤ ਕੀਤੀ ਗਈ | ਇਸ ਮੁਹਿੰਮ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਅਸ਼ੋਕ ਕਟਾਰੀਆ ਵਲੋਂ ਕੀਤੀ ਗਈ | ਡਾ. ਮਾਨ ਨੇ ਨਸ਼ਿਆਂ ਦੇ ਖ਼ਾਤਮੇ ਲਈ ਸਮੂਹਿਕ ਯਤਨਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਨਸ਼ੇ ਦੇ ਖ਼ਾਤਮੇ ਲਈ ਨਸ਼ਾ ਮੁਕਤੀ ਕੇਂਦਰ ਨੂੰ ਨਵਾਂਸ਼ਹਿਰ ਵਿਖੇ ਸਫਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ | ਸਿਹਤ ਇੰਸਪੈਕਟਰ ਦਿਲਬਾਗ ਸਿੰਘ ਨੇ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸ ਨੂੰ ਕਿ ਇਲਾਜ ਦੀ ਸਖ਼ਤ ਜ਼ਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ 'ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ 'ਚੋਂ ਕੱਢਣ ਦਾ ਯਤਨ ਕਰੇ | ਨਸ਼ਾ ਸਾਡੇ ਪਰਿਵਾਰ ਦੀ ਆਰਥਿਕਤਾ ਨੂੰ ਵੀ ਖ਼ਰਾਬ ਕਰ ਦਿੰਦਾ ਹੈ, ਜਿਸ ਨਾਲ ਵਧੇਰੇ ਪਰਿਵਾਰਾਂ ਦੀ ਟੁੱਟਣ ਦੀ ਨੌਬਤ ਆ ਜਾਂਦੀ ਹੈ | ਇਸ ਸਮਾਗਮ ਵਿੱਚ ਸਥਾਨਕ ਨਿਵਾਸੀਆਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜਿਨ੍ਹਾਂ ਨੇ ਇਸ ਉਦੇਸ਼ ਦਾ ਸਮਰਥਨ ਕਰਨ ਅਤੇ ਇੱਕ ਸੁਰੱਖਿਅਤ, ਸਿਹਤਮੰਦ ਵਾਤਾਵਰਨ ਬਣਾਉਣ ਲਈ ਇਕੱਠੇ ਕੰਮ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਡੀ.ਐੱਸ.ਪੀ ਸ਼ਾਮ ਸੁੰਦਰ ਸ਼ਰਮਾ, ਸੈਕਟਰੀ ਰਣਵੀਰ ਸਿੰਘ ਧਾਲੀਵਾਲ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |