23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡਿਪਟੀ ਕਮਿਸ਼ਨਰ ਵਲੋਂ ਤਲਵੰਡੀ ਸੀਬੂ, ਤਾਜੋਵਾਲ ਤੇ ਪੰਦਰਾਵਲ ਵਿਖੇ ਧੁੱਸੀ ਬੰਨ੍ਹ ਦਾ ਦੌਰਾ

Ad Position 21
No active advertisement
ਅਜੀਤ ਡੈਸਕ 02-09-2025
ਨਵਾਂਸ਼ਹਿਰ, 1 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਧੁੱਸੀ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਤਲਵੰਡੀ ਸੀਬੂ, ਤਾਜੋਵਾਲ ਤੇ ਪੰਦਰਾਵਲ, ਬੁਰਜ ਟਹਿਲ ਦਾਸ ਦਾ ਦੌਰਾ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਵਧਿਆ ਹੈ, ਪਰ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੌਕੇ 'ਤੇ ਪਿੰਡਾਂ ਦੇ ਵਸਨੀਕਾਂ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਪਾਣੀ ਦਾ ਪੱਧਰ ਵਧਿਆ ਹੈ, ਪਰ ਮੌਜੂਦਾ ਸਮੇਂ ਕਿਸੇ ਵੀ ਪਾਸਿਓਾ ਘਬਰਾਉਣ ਦੀ ਜ਼ਰੂਰਤ ਨਹੀਂ, ਕਿਉਂਕਿ ਪ੍ਰਸ਼ਾਸਨਿਕ ਟੀਮਾਂ ਵੱਖੋ-ਵੱਖ ਥਾਵਾਂ 'ਤੇ ਲਗਾਤਾਰ ਕਾਰਜਸ਼ੀਲ ਹਨ | ਉਨ੍ਹਾਂ ਕਿਹਾ ਕਿ ਤਲਵੰਡੀ ਸੀਬੂ ਵਿਖੇ ਬੰਨ੍ਹ ਦੀ ਮਜ਼ਬੂਤੀ ਕੀਤੀ ਗਈ ਹੈ ਤਾਂ ਜੋ ਹੜ੍ਹ ਦੀ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਿਆ ਜਾ ਸਕੇ | ਇਸੇ ਤਰ੍ਹਾਂ ਪਿੰਡ ਤਾਜੋਵਾਲ ਵਿਖੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਲਗਾਤਾਰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ | ਪੰਦਰਾਵਲ ਵਿਖੇ ਬੰਨ੍ਹ ਦੀ ਹੋਰ ਮਜ਼ਬੂਤੀ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੀ ਮਦਦ ਲਈ ਤਿਆਰ-ਬਰ-ਤਿਆਰ ਹੈ | ਸਤਲੁਜ ਦਰਿਆ 'ਚ ਪਾਣੀ ਦੇ ਵਧੇ ਪੱਧਰ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀਂ ਪਾਣੀ ਦਾ ਪੱਧਰ 40-45 ਹਜ਼ਾਰ ਕਿਊਸਿਕ ਸੀ ਜੋ ਗੁਆਂਢੀ ਸੂਬੇ ਤੇ ਇੱਥੇ ਹੋ ਰਹੀ ਲਗਾਤਾਰ ਭਾਰੀ ਬਰਸਾਤ ਕਾਰਨ 90 ਹਜ਼ਾਰ ਕਿਊਸਿਕ ਤੋਂ ਟੱਪ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜਿਥੇ-ਜਿਥੇ ਬੰਨ੍ਹ ਨੂੰ ਮਜ਼ਬੂਤੀ ਦੀ ਜ਼ਰੂਰਤ ਹੈ, ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਲਗਾਤਾਰ ਕੰਮ ਕਰ ਰਹੇ ਹਨ ਤੇ ਜੇ. ਸੀ. ਬੀ. ਮਸ਼ੀਨਾਂ ਦੇ ਨਾਲ-ਨਾਲ ਮਿੱਟੀ ਤੇ ਰੇਤਾ ਬੋਰਿਆਂ ਨਾਲ ਬੰਨ੍ਹ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਥਾਂ 'ਤੇ ਹੜ੍ਹ ਦੀ ਸਥਿਤੀ ਦਾ ਖ਼ਦਸ਼ਾ ਜ਼ਾਹਿਰ ਹੁੰਦਾ ਹੈ ਤਾਂ ਉਹ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01823-220645 'ਤੇ ਸੂਚਨਾ ਦੇਣ | ਜ਼ਿਕਰਯੋਗ ਹੈ ਕਿ ਨਵਾਂਸ਼ਹਿਰ ਤਹਿਸੀਲ ਲਈ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-264666 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ | ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿਚ ਸਿਹਤ ਵਿਭਾਗ ਨਾਲ ਸਬੰਧਿਤ ਸੇਵਾਵਾਂ ਲਈ 01823-227471 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਐਸ. ਡੀ. ਐਮ. ਅਨਮਜਯੋਤ ਕੌਰ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਉਦਘਾਟਨ
Ad Position 24