ਬਲਾਚੌਰ, 2 ਸਤੰਬਰ (ਨਰੇਸ਼ ਧੌਲ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮੰਗਲਵਾਰ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਮਰੀਜ਼ਾਂ ਦੀਆਂ ਪ੍ਰੈਸਕਿ੍ਪਸ਼ਨ ਸਲਿਪਾਂ ਚੈੱਕ ਕੀਤੀਆਂ | ਇਸ ਮੌਕੇ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਚੈਕਿੰਗ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਹਸਪਤਾਲ ਦੇ ਡਾਕਟਰਾਂ ਦੁਆਰਾ ਬਾਹਰੋਂ ਦਵਾਈਆਂ ਨਾ ਲਿਖੀਆਂ ਜਾਣ | ਉਨ੍ਹਾਂ ਹਸਪਤਾਲ ਦੀ ਫਾਰਮੇਸੀ ਦੇ ਬਾਹਰ ਮਰੀਜ਼ਾਂ ਦੀਆਂ ਪਰਚੀਆਂ ਵੇਖੀਆਂ | ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੋਜਨਾ ਮੁਤਾਬਿਕ ਮਰੀਜ਼ ਨੂੰ ਹਰ ਦਵਾਈ ਸਰਕਾਰੀ ਸਿਹਤ ਸੰਸਥਾ ਦੀ ਫਾਰਮੇਸੀ ਵਿਚੋਂ ਹੀ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਘਾਟ ਨਹੀਂ, ਇਸ ਲਈ ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਦੇ ਅੰਦਰੋਂ ਹੀ ਮਿਲਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਿਕ ਹਰ ਸਰਕਾਰੀ ਸਿਹਤ ਸੰਸਥਾ 'ਚ ਉਪਲਬਧ ਦਵਾਈਆਂ ਦੀ ਗਿਣਤੀ ਤੈਅ ਕੀਤੀ ਗਈ ਹੈ | ਇਹ ਸਾਰੀਆਂ ਦਵਾਈਆਂ ਹਰ ਸਿਹਤ ਸੰਸਥਾ 'ਚ ਉਪਲਬਧ ਹਨ | ਉਨ੍ਹਾਂ ਬਾਅਦ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਅਤੇ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਹਦਾਇਤਾਂ ਦਿੱਤੀਆਂ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਤੇ ਡਾਕਟਰ ਦੁਆਰਾ ਲਿਖੀ ਗਈ ਹਰ ਦਵਾਈ ਹਸਪਤਾਲ ਦੇ ਅੰਦਰੋਂ ਹੀ ਲੈਣ |