ਨਵਾਂਸ਼ਹਿਰ, 3 ਸਤੰਬਰ (ਜਸਬੀਰ ਸਿੰਘ ਨੂਰਪੁਰ, ਸੰਦੀਪ ਮਝੂਰ)-ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਧੈਂਗੜਪੁਰ ਵਿਖੇ ਸਤਲੁਜ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਮੌਜੂਦਾ ਸਮੇਂ ਪਾਣੀ ਦਾ ਪੱਧਰ 65,000 ਕਿਊਸਿਕ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ | ਉਨ੍ਹਾਂ ਦੱਸਿਆ ਕਿ ਦੇਰ ਰਾਤ ਧੈਂਗੜਪੁਰ ਵਿਖੇ ਬੰਨ੍ਹ ਨੂੰ ਥੋੜੀ ਢਾਅ ਲੱਗੀ ਸੀ, ਜਿਸਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮੇਂ ਸਿਰ ਰੋਕ ਲਿਆ ਗਿਆ ਤੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਲਗਾਤਾਰ ਜਾਰੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਸਮੇਤ ਪਿੰਡਾਂ ਦੇ ਵਸਨੀਕਾਂ ਵਲੋਂ ਲਗਾਤਾਰ ਕੰਮ ਕਰਦਿਆਂ ਬੰਨ੍ਹ ਨੂੰ ਠੀਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨਾਲ ਵੀ ਰਾਬਤਾ ਕੀਤਾ ਜਾ ਚੁੱਕਾ ਹੈ ਅਤੇ ਜੇਕਰ ਭਵਿੱਖ ਵਿਚ ਲੋੜ ਪੈਂਦੀ ਹੈ ਤਾਂ ਫੌਜ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ ਤਾਂ ਜੋ ਕਿਸੇ ਵੀ ਕਿਸਮ ਦਾ ਖ਼ਤਰਾ ਟਾਲਿਆ ਜਾ ਸਕੇ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ 'ਤੇ ਬੰਨ੍ਹ ਦੀ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਫਿਲਹਾਲ ਲੋਕਾਂ ਨੂੰ ਕਿਸੇ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ |