ਨਵਾਂਸ਼ਹਿਰ, 3 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰਨ ਚੌਕਸ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਨਵਾਂਸਹਿਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਸਮੇਤ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਮੌਜੂਦ ਸਨ | ਸਿਵਲ ਸਰਜਨ ਨੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਹੜ੍ਹ ਵਰਗੀਆਂ ਸੰਭਾਵੀ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਐਂਬੂਲੈਂਸਾਂ ਦੀ ਤਾਇਨਾਤੀ, ਜ਼ਰੂਰੀ ਦਵਾਈਆਂ ਤੇ ਮੈਡੀਕਲ ਸਾਜੋ-ਸਮਾਨ ਦੀ ਉਪਲੱਬਧਤਾ ਨੂੰ ਦੇਖਿਆ | ਇਸ ਮੌਕੇ ਉਨ੍ਹਾਂ ਗੁਆਂਢੀ ਰਾਜਾਂ ਸਮੇਤ ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹਾਂ ਦੇ ਖ਼ਤਰੇ ਦੇ ਚੱਲਦਿਆਂ ਮੈਡੀਕਲ ਐਮਰਜੈਂਸੀ ਦੀ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਦੇਖਰੇਖ ਪ੍ਰਬੰਧਾਂ 'ਤੇ ਵਿਚਾਰ-ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਨੂੰ ਚੌਕਸ ਰੱਖਿਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |