08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੰਗ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 05-09-2025
ਨਵਾਂਸ਼ਹਿਰ, 4 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ 'ਚ ਆਏ ਹੜ੍ਹਾਂ ਨਾਲ ਹੋਏ ਲੋਕਾਂ ਦੇ ਭਾਰੀ ਨੁਕਸਾਨ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ 60 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਪ੍ਰਤੀ ਏਕੜ ਨੁਕਸਾਨ ਲਈ 50 ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਹੋਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ. ਡੀ. ਐਮ. ਕਿ੍ਤਿਕਾ ਗੋਇਲ ਤੇ ਭਾਰੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ ਇਥੇ ਬੰਨ੍ਹ ਦੀ ਮਜ਼ਬੂਤੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਵੀ ਕਈ ਕੁਦਰਤੀ ਮਾਰਾਂ ਝੱਲੀਆਂ ਹਨ ਅਤੇ ਮੌਜੂਦਾ ਸਮੇਂ ਹੜ੍ਹਾਂ ਨਾਲ ਸੂਬੇ ਅੰਦਰ ਵੱਡੀ ਤਬਾਹੀ ਹੋਈ ਹੈ ਜਿਸ ਨੂੰ ਗਹੁ ਨਾਲ ਵਿਚਾਰਦਿਆਂ ਕੇਂਦਰ ਸਰਕਾਰ ਬਿਨਾਂ ਕਿਸੇ ਦੇਰੀ ਤੋਂ ਰਾਜ ਲਈ ਰਾਹਤ ਪੈਕੇਜ ਐਲਾਨੇ | ਕੇਂਦਰ ਸਰਕਾਰ ਤੋਂ ਸੂਬੇ ਵਿਚ ਹੋਏ ਨੁਕਸਾਨ ਲਈ ਪ੍ਰਤੀ ਏਕੜ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਨੂੰ ਦੋ ਸਾਲ ਲਈ ਪੰਜਾਬ ਤੋਂ ਜੀ. ਐਸ. ਟੀ ਦੇਣ ਤੋਂ ਛੋਟ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਐਮ. ਪੀ. ਲੈਂਡ ਫ਼ੰਡ ਦਾ ਇਸ ਸਾਲ ਦੀ ਬਕਾਇਆ ਰਕਮ ਉਨ੍ਹਾਂ ਵਲੋਂ ਤਰਜੀਹ ਦੇ ਆਧਾਰ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਹੜ੍ਹ ਪੀੜਤਾਂ ਦੀ ਮਦਦ ਲਈ ਖ਼ਰਚੀ ਜਾਵੇਗੀ | ਜ਼ਿਲ੍ਹੇ ਵਿਚ ਬੰਨ੍ਹ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਪਿਛਲੇ ਦਿਨਾਂ ਤੋਂ ਲਗਾਤਾਰ ਵੱਖ-ਵੱਖ ਥਾਵਾਂ 'ਤੇ ਬੰਨ੍ਹ ਦੀ ਮੌਜੂਦਾ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਵੀ 4-5 ਥਾਵਾਂ 'ਤੇ ਬੰਨ੍ਹ ਨੂੰ ਆਧੁਨਿਕ ਢੰਗ ਨਾਲ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਲਈ ਹਾਲਾਤ ਆਮ ਵਾਂਗ ਹੋਣ 'ਤੇ ਵਿਸ਼ੇਸ਼ ਉਪਰਾਲੇ ਕਰਕੇ ਬੰਨ੍ਹ ਦੀ ਪੱਕੀ ਮਜ਼ਬੂਤੀ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਭਾਖੜਾ ਡੈਮ ਤੋਂ ਛੱਡੇ ਜਾ ਰਹੇ ਪਾਣੀ ਨਾਲ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧ ਸਕਦਾ ਹੈ ਪਰ ਮੌਜੂਦਾ ਸਮੇਂ ਬਲਾਚੌਰ ਤੇ ਨਵਾਂਸ਼ਹਿਰ ਹਲਕਿਆਂ ਵਿਚ ਪੈਂਦੇ ਸਤਲੁਜ ਦਰਿਆ ਦੇ ਬੰਨ੍ਹ ਦੀ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਵੱਖ-ਵੱਖ ਪਿੰਡਾਂ ਦੇ ਵਸਨੀਕ ਤੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਵੱਖ-ਵੱਖ ਆਗੂਆਂ ਨੇ ਸੰਧਵਾਂ ਵਿਖੇ ਨੱਕੋ-ਨੱਕ ਬਰਸਾਤੀ ਪਾਣੀ ਨਾਲ ਭਰੇ ਛੱਪੜ ਦਾ ਮੌਕਾ ਦੇਖਿਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲੇ ਦਰਜ
Ad Position 24