ਬਲਾਚੌਰ, 4 ਸਤੰਬਰ (ਨਰੇਸ਼ ਧੌਲ)-ਹਲਕਾ ਬਲਾਚੌਰ ਅੰਦਰ ਪੈਂਦੇ ਧੈਂਗੜਪੁਰ ਤੇ ਬੇਲਾ ਤਾਜੋਵਾਲ ਆਦਿ ਵਿਖੇ ਬੰਨ੍ਹਾਂ ਦੇ ਹਾਲਾਤ ਪੰਜਾਬ ਸਰਕਾਰ, ਪ੍ਰਸ਼ਾਸਨ, ਆਰਮੀ ਤੇ ਇਲਾਕਾ ਵਾਸੀਆਂ ਦੇ ਵੱਡੇ ਯਤਨਾਂ ਸਦਕਾ ਕਾਬੂ ਹੇਠ ਪਾਏ ਜਾ ਰਹੇ ਹਨ | ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਬਿ੍ਗੇਡੀਅਰ ਰਾਜ ਕੁਮਾਰ ਨੇ ਇਨ੍ਹਾਂ ਬੰਨ੍ਹਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਵੱਖ-ਵੱਖ ਵਿਭਾਗ ਦੀਆਂ ਟੀਮਾਂ ਸਮੇਤ ਪਿੰਡਾਂ ਦੇ ਵਸਨੀਕਾਂ ਵਲੋਂ ਲਗਾਤਾਰ ਕੰਮ ਕਰਦਿਆਂ ਹੋਇਆਂ ਬੰਨ੍ਹ ਦੀ ਮੁਰੰਮਤ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਫ਼ੌਜ ਦਾ ਵੀ ਸਹਾਰਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਪਾਏ ਜਾ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਬਾਕੀ ਜ਼ਿਲਿ੍ਹਆਂ ਸੰਬੰਧੀ ਗੱਲ ਕਰਦਿਆਂ ਹੋਇਆਂ ਕਿਹਾ ਕਿ ਜਿਥੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਕਲਾਕਾਰਾਂ ਅਤੇ ਹੋਰ ਵੱਡੀਆਂ ਹਸਤੀਆਂ ਵਲੋਂ ਵੱਡੇ ਪੱਧਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ ਉੱਥੇ ਪੰਜਾਬ ਸਰਕਾਰ ਵਲੋਂ ਵੀ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਵਿਸ਼ੇਸ਼ ਸਹਿਯੋਗ ਲਈ ਉਪਰਾਲੇ ਕੀਤੇ ਜਾ ਰਹੇ ਹਨ |