ਬੰਗਾ, 4 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਕੁਲਦੀਪ ਸਿੰਘ ਪਾਬਲਾ, ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ਼ਜ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਸਾਲ 2025 ਦਾ ਵਿੱਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ | ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸਰਬੱਤ ਦੇ ਭਲੇ ਤੇ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ ਗਈ | ਸਜੇ ਦੀਵਾਨ 'ਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ | ਕਾਲਜ ਦੇ ਪਿ੍ੰਸੀਪਲ ਰਮਨਦੀਪ ਕੌਰ ਨੇ ਕਾਲਜ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਕਾਲਜ 'ਚ ਆਧੁਨਿਕ ਤਰੀਕਿਆਂ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ | ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਭੇਜੇ ਸੰਦੇਸ਼ ਵਿਚ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੜ੍ਹਾਈ ਕਰਕੇ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਆ | ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਹੋਏ ਗੁਰਮਤਿ ਸਮਾਗਮ 'ਚ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਰਾਬੀਆ ਹਾਟਾ, ਮੈਡਮ ਵੰਦਨਾ ਬਸਰਾ, ਸਮੂਹ ਸਟਾਫ਼ ਤੇ ਕਾਲਜ ਵਿਦਿਆਰਥੀ ਹਾਜ਼ਰ ਸਨ |