ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਰਾਸ਼ਟਰੀ ਪੋਸ਼ਣ ਸਪਤਾਹ ਮਨਾਇਆ ਜਾ ਰਿਹਾ ਹੈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ 'ਰਾਸ਼ਟਰੀ ਪੋਸ਼ਣ ਸਪਤਾਹ' ਸੰਬੰਧੀ ਵਿਸਤਿ੍ਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਤੋਂ 7 ਸਤੰਬਰ, 2025 ਤੱਕ ਮਨਾਏ ਜਾ ਰਹੇ ਇਸ ਸਪਤਾਹ ਦਾ ਉਦੇਸ਼ ਬੱਚਿਆਂ, ਕਿਸ਼ੋਰਾਂ, ਮਹਿਲਾਵਾਂ ਨੂੰ ਕੁਪੋਸ਼ਣ ਮੁਕਤ ਬਣਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਹੈ | ਉਨ੍ਹਾਂ ਪੌਸ਼ਟਿਕ ਖੁਰਾਕ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੌਸ਼ਟਿਕ ਖੁਰਾਕ ਸਿਹਤਮੰਦ ਜੀਵਨ ਦੀ ਇਕ ਮਜ਼ਬੂਤ ਨੀਂਹ ਹੈ | ਸਾਡੇ ਭੋਜਨ ਵਿਚ ਕਾਰਬੋਹਾਈਡਰੇਟ, ਪ੍ਰੋਟੀਨ, ਚਰਬੀ, ਵਿਟਾਮਿਨ ਅਤੇ ਖਣਿਜਾਂ ਦਾ ਸੰਤੁਲਨ ਹੋਣਾ ਜ਼ਰੂਰੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੇ ਡੈਡੀਕੇਟਿਡ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਰਾਸ਼ਟਰੀ ਪੋਸ਼ਣ ਸਪਤਾਹ ਤਹਿਤ ਸਿਹਤਮੰਦ ਸਮਾਜ ਦੀ ਸਿਰਜਣਾ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰਭਵਤੀ ਮਹਿਲਾਵਾਂ ਨੂੰ ਗਰਭਾਵਸਥਾ ਦੌਰਾਨ ਸਹੀ ਪੋਸ਼ਣ ਨਾ ਮਿਲਣ ਦੇ ਕਾਰਨ ਖੂਨ ਦੀ ਕਮੀ ਦੇ ਨਾਲ-ਨਾਲ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਸਿਵਲ ਸਰਜਨ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਿਹਤ ਵਿਭਾਗ ਸੰਤੁਲਤ ਖੁਰਾਕ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ |