ਬਲਾਚੌਰ, 24 ਸਤੰਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਹਰ ਸਾਲ ਦੀ ਤਰਾਂ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਕਰਵਾਏ ਜਾਂਦੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਪੰਦਰਵੇਂ ਸਮਾਗਮ 25 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਿੰਡ ਆਕਲਿਆਣਾ ਤਹਿਸੀਲ ਬਲਾਚੌਰ ਵਿਖੇ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ਵਾਰ ਦੇ ਗੁਰਮਤਿ ਸਮਗਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਤੋਂ ਇਲਾਵਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਵੀ ਸਮਰਪਿਤ ਹੋਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਨੇਕ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਗੁਰਦੁਆਰਾ ਕੰਪਲੈਕਸ ਦੇ ਅੰਦਰ ਖੁਲ੍ਹੇ ਪੰਡਾਲ ਵਿਖੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਆਸ-ਪਾਸ ਦੇ ਪਿੰਡਾਂ ਵਿਚੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਇਸ ਸਮਾਗਮ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ | ਇਸ ਸਮਾਗਮ ਲਈ ਨਵਾਂਸ਼ਹਿਰ ਤੇ ਹੋਰ ਇਲਾਕਿਆਂ ਤੋਂ ਸੰਗਤਾਂ ਨੂੰ ਲਿਆਉਣ ਲਿਜਾਉਣ ਲਈ ਫ੍ਰੀ ਬੱਸ ਸੇਵਾ ਦੇ ਪ੍ਰਬੰਧ ਵੀ ਕੀਤੇ ਗਏ ਹਨ | ਇਸ ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਵੇਗੀ | ਉਪਰੰਤ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਉਨਾਂ ਦੇ ਨਾਲ ਰਾਮਪਾਲ ਸਿੰਘ, ਦਿਲਵਰ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਹਰਜਿੰਦਰ ਸਿੰਘ, ਪਲਵਿੰਦਰ ਸਿੰਘ, ਉਕਾਰ ਸਿੰਘ, ਸਿਮਰਨਜੀਤ ਸਿੰਘ, ਸੁੱਖਾ ਸਿੰਘ, ਗੁਰਸੀਰਤ ਕੌਰ ਵੀ ਮੌਜੂਦ ਸਨ |