ਨਵਾਂਸ਼ਹਿਰ, 25 ਸਤੰਬਰ (ਜਸਬੀਰ ਸਿੰਘ ਨੂਰਪੁਰ)- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1158 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ 57 ਫੀਸਦੀ ਫ਼ਸਲ, 655 ਮੀਟਰਿਕ ਟਨ, ਵੱਖ-ਵੱਖ ਏਜੰਸੀਆਂ ਵੱਲੋਂ ਖ਼ਰੀਦੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ 25 ਸਤੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਪਨਗਰੇਨ ਵਲੋਂ 560 ਮੀਟਰਿਕ ਟਨ, ਮਾਰਕਫੈੱਡ ਵੱਲੋਂ 17 ਮੀਟਰਿਕ ਟਨ, ਪਨਸਪ ਵਲੋਂ 40 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 28 ਮੀਟਰਿਕ ਟਨ ਅਤੇ ਵਪਾਰੀਆਂ ਵਲੋਂ 10 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 0.75 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜਦ ਕਿ 0.44 ਕਰੋੜ ਰਪਏ ਦੀ ਅਦਾਇਗੀ ਵੀ ਪ੍ਰਗਤੀ ਅਧੀਨ ਹੈ ਜੋ ਜਲਦ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਜਾਵੇਗੀ | ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 415 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਜਿਸ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 388 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ |