ਔੜ, 27 ਸਤੰਬਰ (ਗੁਰਨਾਮ ਸਿੰਘ ਸੈਣੀ)-ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਸੀ. ਆਰ. ਐਮ. ਸਕੀਮ ਅਧੀਨ ਬਲਾਕ ਔੜ ਦੇ ਪਿੰਡ ਗੜੁੱਪੜ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ | ਜਿਸ ਦੀ ਪ੍ਰਧਾਨਗੀ ਡਾ. ਲੇਖ ਰਾਜ ਬੇਗੋਵਾਲ ਬਲਾਕ ਖੇਤੀਬਾੜੀ ਅਫ਼ਸਰ ਔੜ ਨੇ ਕੀਤੀ ਅਤੇ ਜਿਸ ਵਿਚ ਪਿੰਡ ਗੜੁੱਪੜ ਤੇ ਔੜ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਖੇਤਾਂ ਵਿਚ ਝੋਨੇ ਦੀ ਕੰਬਾਈਨ ਨਾਲ ਕਟਾਈ ਮਗਰੋਂ ਪਰਾਲੀ ਨੂੰ ਅੱਗ ਨਾ ਲਾ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਕੇ ਭੂਮੀ ਦੀ ਸਿਹਤ ਨੂੰ ਬਰਕਰਾਰ ਅਤੇ ਵਾਤਾਵਰਨ ਨੂੰ ਪ੍ਰਦੂਸ਼ਤਿ ਹੋਣ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਨੈਸ਼ਨਲ ਗ੍ਰੀਨ ਟਰਬਿਊਨਲ ਤੇ ਲੋਕਲ ਪ੍ਰਸ਼ਾਸਨ ਪੰਜਾਬ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਨਾਲ-ਨਾਲ ਫ਼ਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਨਾਲ ਵਾਤਾਵਰਨ ਤੇ ਜਮੀਨ 'ਚ ਹੋ ਰਹੇ ਨੁਕਸਾਨ ਤੋਂ ਜਾਣੂੰ ਕਰਵਾਇਆ ਤੇ ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕਣਕ ਦੀ ਬਿਜਾਈ ਕਰਨ ਨਾਲ ਖੇਤੀ ਖਰਚੇ ਘਟਾਏ ਜਾ ਸਕਦੇ ਹਨ ਅਤੇ ਆਮਦਨ 'ਚ ਵਾਧਾ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਅੱਗੇ ਦੱਸਿਆ ਕਿ ਅੱਗ ਲਾਉਣ ਨਾਲ ਜ਼ਮੀਨ 'ਚੋਂ ਮੌਜੂਦਾ ਬਹੁਤ ਸਾਰੇ ਖੁਰਾਕੀ ਤੱਤ ਸੜ ਜਾਂਦੇ ਹਨ ਤੇ ਵਾਤਾਵਰਨ ਵਿਚ ਜ਼ਹਿਰੀਲੀਆਂ ਗੈਸਾਂ ਪੈਦਾ ਹੋ ਜਾਂਦੀਆਂ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਪਰਾਲੀ ਨੂੰ ਅੱਗ ਨਾ ਲਾ ਕੇ ਬੇਲਰ ਨਾਲ ਗੰਡਾਂ ਬਣਾ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ | ਇਸ ਮੌਕੇ ਦੀਪਕ ਕੁਮਾਰ ਤੇ ਅੰਜੂ ਸਾਗਰ ਦੋਵੇਂ ਖੇਤੀਬਾੜੀ ਵਿਸਥਾਰ ਅਫਸਰ ਔੜ, ਮਿਸ ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ, ਲਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੋਵੇਂ ਏ. ਟੀ. ਐਮ. ਤੇ ਸੈਕਟਰੀ ਰੁਪਿੰਦਰ ਸਿੰਘ, ਸਤਨਾਮ ਸਿੰਘ, ਕੁਲਵਰਨ ਸਿੰਘ, ਜਤਿੰਦਰ ਸਿੰਘ, ਰੇਸ਼ਮ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ ਆਦਿ ਅਗਾਂਹ ਵਧੂ ਕਿਸਾਨ ਹਾਜ਼ਰ ਸਨ |