ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 1 ਨਵੰਬਰ ਨੂੰ ਪਿੰਡ ਸਰਹਾਲ ਕਾਜੀਆਂ ਵਿਖੇ ਬਾਬਾ ਜਵਾਹਰ ਸਿੰਘ ਝੰਡਾ ਵਿਖੇ ਕਵੀ ਦਰਬਾਰ ਤੇ ਕੀਰਤਨ ਦਰਬਾਰ ਹੋਵੇਗਾ | ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਤੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਜਿਥੇ ਗੁਰੂ ਜੀ ਦੇ ਜੀਵਨ ਬਾਰੇ ਤੇ ਸਿੱਖਿਆਵਾਂ ਦਾ ਪ੍ਰਚਾਰ ਪ੍ਰਸਾਰ ਕੀਤਾ ਜਾਵੇ | 2 ਨਵੰਬਰ ਨੂੰ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ, ਚੱਕ ਗੁਰੂ ਵਿਖੇ ਸਮਾਗਮ ਕਰਵਾਇਆ ਜਾਵੇਗਾ ਤੇ 15 ਨਵੰਬਰ ਨੂੰ ਇਹ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਵੇਗਾ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ 25 ਅਕਤੂਬਰ ਨੂੰ ਦੇਸ਼ ਦੀ ਰਾਜਧਾਨੀ ਵਿਖੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਅਰਦਾਸ ਕਰਕੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਪਰੰਤ ਮਹੀਨਾ ਭਰ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਵੀ ਉਲੀਕੀ ਗਈ ਹੈ | ਪੰਜਾਬ ਸਰਕਾਰ ਵਲੋਂ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਲਾਈਟ ਐਂਡ ਸਾਊਾਡ ਸ਼ੋਅ ਕਰਵਾਏ ਜਾਣਗੇ, ਜਿਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਜਾਵੇਗਾ | ਇਸੇ ਤਰ੍ਹਾਂ 18 ਨਵੰਬਰ ਨੂੰ ਸ੍ਰੀਨਗਰ 'ਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ | ਇਸੇ ਤਰ੍ਹਾਂ ਇਹ ਨਗਰ ਕੀਰਤਨ 18 ਨਵੰਬਰ ਨੂੰ ਜੰਮੂ ਵਿਖੇ, 20 ਨਵੰਬਰ ਨੂੰ ਪਠਾਨਕੋਟ 'ਚ ਅਤੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ ਅਤੇ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਸੰਪੂਰਨ ਹੋਵੇਗਾ | ਇਸੇ ਦੌਰਾਨ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਸਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਸੰਪੂਰਨ ਹੋਣਗੇ | ਇਸ ਇਤਿਹਾਸਕ ਯਾਦਗਾਰੀ ਮੌਕੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 24 ਨਵੰਬਰ ਤੱਕ ਵਿਆਪਕ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ | 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਸੂਬਾ ਪੱਧਰ 'ਤੇ ਖ਼ੂਨਦਾਨ ਕੈਂਪ ਲਾਇਆ ਜਾਵੇਗਾ ਤੇ ਜੰਗਲਾਤ ਵਿਭਾਗ ਵਲੋਂ ਵੱਡੇ ਪੱਧਰ 'ਤੇ ਬੂਟੇ ਲਾਉਣ ਦੀ ਮੁਹਿੰਮ ਸਣੇ ਸਰਬੱਤ ਦਾ ਭਲਾ ਇਕੱਤਰਤਾ ਵੀ ਕਰਵਾਈ ਜਾਵੇਗੀ |