ਟੱਪਰੀਆਂ ਖੁਰਦ, 4 ਨਵੰਬਰ (ਬਲਵਿੰਦਰ ਨਾਨੋਵਾਲੀਆ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲੁਧਿਆਣਾ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦਾ ਸਵਾਗਤ ਕਰਦਿਆਂ ਗੁਰੂ ਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਸਕੱਤਰ ਸੰਤ ਦਿਆਲ ਬੰਗਾ ਅਤੇ ਗੁਰੂ ਘਰ ਦੇ ਪਾਠੀ ਸੰਤ ਗਿਰਧਾਰੀ ਲਾਲ ਨੇ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੇ ਸਾਨੂੰ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ, ਇਸ ਕਰਕੇ ਸਾਨੂੰ ਆਪਣੇ ਆਪਸੀ ਵੈਰ ਵਿਰੋਧ ਮਿਟਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸਿੱਖ ਕੌਮ ਦੇ ਸਾਰੇ ਗੁਰੂ ਸਾਹਿਬਾਨ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਦੀ ਬਾਣੀ ਨੂੰ ਦਰਜ ਕਰਕੇ ਜੋ ਸੰਦੇਸ਼ ਦਿੱਤਾ ਗਿਆ ਹੈ, ਉਸੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਣ ਲਈ ਸਾਨੂੰ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜਿੱਥੇ ਬਾਕੀ ਗੁਰੂ ਸਾਹਿਬਾਨਾਂ ਦੀ ਬਾਣੀ ਨੂੰ ਅੰਕਿਤ ਕੀਤਾ ਗਿਆ ਹੈ, ਉੱਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨੂੰ ਵੀ ਦਰਜ ਕਰਕੇ ਉਨ੍ਹਾਂ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ | ਇਸ ਕਰਕੇ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ 'ਚ ਸ਼ਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਪੰਜ ਪਿਆਰਿਆਂ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਦਾ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸੰਤ ਕਰਮ ਚੰਦ ਨਰ ਹੈੱਡ ਕੈਸ਼ੀਅਰ ਗੁਰੂ ਘਰ, ਸੰਤ ਨਰੰਜਣ ਸਿੰਘ, ਸੰਤ ਹਰਬੰਸ ਸਿੰਘ, ਨਾਜਰ ਰਾਮ ਮਾਨ ਚੇਅਰਮੈਨ, ਪਿ੍ੰਸੀਪਲ ਸਰੂਪ ਚੰਦ, ਜਗਦੀਸ਼ ਦੀਸ਼ਾ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਹਾਜ਼ਰ ਸਨ |