ਨਵਾਂਸ਼ਹਿਰ, 4 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤਾਂ 'ਚ ਅੱਗ ਨਾ ਲਾਉਣ ਲਈ ਕੀਤੇ ਜਾ ਰਹੇ ਜਾਗਰੂਕਤਾ ਉਪਰਾਲਿਆਂ ਦੇ ਨਾਲ-ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾਮਲਿਆਂ 'ਤੇ ਵੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਈਆਂ ਟੀਮਾਂ ਇਸ ਦਿਸ਼ਾ ਵਿਚ ਲਗਾਤਾਰ ਕਾਰਜਸ਼ੀਲ ਹਨ | ਖੇਤਾਂ ਵਿਚ ਅੱਗ ਲਾਉਣ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲਾਂ ਦੌਰਾਨ ਮੌਜੂਦਾ ਸਮੇਂ ਤੱਕ ਅਜਿਹੇ ਮਾਮਲਿਆ ਵਿੱਚ ਕਮੀ ਦਰਜ਼ ਕੀਤੀ ਗਈ ਹੈ | ਉਨ੍ਹਾਂ ਦੱਸਿਆ ਸਾਲ 2023 ਦੌਰਾਨ 61 ਸਈਟਾਂ, ਸਾਲ 2024 ਦੌਰਾਨ 12 ਸਾਈਟਾਂ ਅਤੇ ਇਸ ਸੀਜ਼ਨ ਵਿੱਚ ਹੁਣ ਤੱਕ 8 ਸਾਈਟਾਂ 'ਤੇ ਅੱਗ ਲੱਗਣ ਦੇ ਮਾਮਲੇ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੇ 6 ਕੇਸਾਂ ਵਿੱਚ ਮੋਨੀਟਰਿੰਗ ਟੀਮਾਂ ਵਲੋਂ ਕਿਸਾਨਾਂ 'ਤੇ ਸਖ਼ਤ ਕਾਰਵਾਈ ਕਰਦੇ ਹੋਏ 45000 ਰੁਪਏ ਦਾ ਵਾਤਾਵਰਣ ਮੁਆਵਜਾ, ਐੱਫ. ਆਈ. ਆਰ ਅਤੇ ਅੱਗ ਲੱਗਣ ਵਾਲੇ ਖੇਤਾਂ ਦੀ ਖਸਰਾ ਗਿਰਦਾਵਰੀ ਵਿਚ ਲਾਲ ਐਂਟਰੀ ਦਰਜ ਕੀਤੀ ਗਈ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਣਾਈਆਂ ਟੀਮਾਂ ਵੱਲੋਂ ਸਬੰਧਤ ਐਸ. ਡੀ. ਐਮਜ਼ ਦੀ ਅਗਵਾਈ ਹੇਠ ਕਿਸਾਨਾਂ ਨਾਲ ਪਿੰਡ ਪੱਧਰ 'ਤੇ ਮੀਟਿੰਗਾਂ ਅਤੇ ਪੁਲਿਸ ਪਾਰਟੀਆਂ ਵਲੋਂ ਫੀਲਡ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਕਲੱਸਟਰ ਅਫਸਰਾਂ ਅਤੇ ਵਿਲੇਜ਼ ਲੈਵਲ ਨੋਡਲ ਅਫਸਰ ਵੀ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ | ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਲਈ 2716 ਮਸ਼ੀਨਾਂ ਅਤੇ ਇੰਨਸੀਟੂ ਪ੍ਰਬੰਧਨ ਲਈ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਈਆਂ ਗਈਆਂ ਹਨ |