ਨਵਾਂਸ਼ਹਿਰ, 5 ਦਸੰਬਰ (ਜਸਬੀਰ ਸਿੰਘ ਨੂਰਪੁਰ) - ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੇ ਮਾਣ-ਸਤਿਕਾਰ ਵਜੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦੇ ਟੋਕਨ ਫਲੈਗ ਲਗਾਕੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਦੇਸ਼ ਦੇ 77ਵੇਂ ਹਥਿਆਰਬੰਦ ਸੈਨਾ ਦੇ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਹਥਿਆਰਬੰਦ ਸੈਨਾਵਾਂ ਦੇ ਭਾਈਚਾਰੇ ਦੀ ਭਲਾਈ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ 'ਹਥਿਆਰਬੰਦ ਸੈਨਾ ਝੰਡਾ ਦਿਵਸ' ਸਾਡੇ ਸੈਨਿਕਾਂ ਦੀਆਂ ਕੁਰਬਾਨੀਆਂ ਪ੍ਰਤੀ ਸਾਡੀ ਸਾਂਝੇ ਜਜ਼ਬੇ ਅਤੇ ਸਿਜਦੇ ਦਾ ਪ੍ਰਤੀਕ ਅਤੇ ਬਹਾਦਰ ਸੈਨਿਕਾਂ ਨੂੰ ਸਲਾਮ ਹੈ ਜੋ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਤਰੀਕੇ ਨਾਲ ਸਹਾਇਤਾ ਪ੍ਰਦਾਨ ਕਰਨਾ ਸਾਡਾ ਫ਼ਰਜ਼ ਬਣਦਾ ਹੈ | ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਵਾਸੀਆਂ ਦੇ ਅੱਜ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰ ਦਿੱਤੀਆਂ | ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਨੂੰ 07 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਦਰਸਾਉਂਦਾ ਸਾਲਾਨਾ ਕੈਲੰਡਰ ਵੀ ਭੇਂਟ ਕੀਤਾ ਗਿਆ | ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ ਇਸ ਸਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਫਲੈਗ ਡੇਅ ਫੰਡ ਇਕੱਤਰ ਕਰਨ ਲਈ 7 ਲੱਖ ਰੁਪਏ ਦਾ ਟੀਚਾ ਦਿੱਤਾ ਗਿਆ ਹੈ ਜਿਹੜਾ ਕਿ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ/ਨਾਗਰਿਕਾਂ ਅਤੇ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਸਹਿਯੋਗ ਨਾਲ ਪੂਰਾ ਕਰਨਾ ਸੰਭਵ ਹੋਵੇਗਾ | ਜ਼ਿਕਰਯੋਗ ਹੈ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਆਮਦਨ ਕਰ ਤੋਂ ਮੁਕਤ ਹੈ | ਇਸ ਮੌਕੇ 'ਤੇ ਕਰਨਲ (ਰਿਟਾ.) ਐਸ ਐਸ ਸੇਖੋਂ, ਵੀ.ਐਸ.ਐਮ. ਉੱਪ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਅਤੇ ਹੋਰ ਸਾਬਕਾ ਸੈਨਿਕ ਤੇ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਤੋਂ ਰੰਜੀਤਾ ਸਾਰੰਗਲ, ਅਵਤਾਰ ਸਿੰਘ, ਬੀਮ ਰੈਡੀ ਆਦਿ ਵੀ ਹਾਜ਼ਰ ਸਨ |