ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਫ਼ਲਤਾ ਪਾਰਟੀ ਦੇ ਰਾਸ਼ਟਰੀ ਲੀਡਰਸ਼ਿਪ ਦੀ ਦੂਰਦਰਸ਼ੀ ਸੋਚ ਅਤੇ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਤੱਖ ਨਤੀਜਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਵਿਜ਼ਨ, ਇਮਾਨਦਾਰ ਨੀਅਤ ਅਤੇ ਚੰਗੇ ਸ਼ਾਸਨ ਮਾਡਲ ਨੇ ਜਨਤਾ ਦਾ ਭਰੋਸਾ ਜਿੱਤਿਆ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਜੋ ਪੁਰਜ਼ੋਰ ਸਮਰਥਨ ਦਿੱਤਾ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਨੂੰ ਵਿਕਾਸ, ਰੋਜ਼ਗਾਰ ਅਤੇ ਲੋਕ ਸੇਵਾਵਾਂ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ |