ਨਵਾਂਸ਼ਹਿਰ, 27 ਦਸੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅਗਲੇ ਸਾਲ ਜਨਵਰੀ ਦੇ ਮਹੀਨੇ ਤੋਂ ਲਾਗੂ ਹੋਣ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਹੋਈ | ਜਿਸ 'ਚ ਯੋਜਨਾ ਦੇ ਤਹਿਤ ਬਣਾਏ ਜਾਣ ਵਾਲੇ ਮੁੱਖ ਮੰਤਰੀ ਸਿਹਤ ਕਾਰਡਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਸਾਰੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਸਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਸ ਯੋਜਨਾ ਤਹਿਤ 2,000 ਤੋਂ ਵੱਧ ਬਿਮਾਰੀਆਂ ਕਵਰ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਅਤੇ ਸੀ.ਐਚ.ਸੀ. ਪੱਧਰ 'ਤੇ ਬਣਾਏ ਜਾਣਗੇ | ਇਸ ਤੋਂ ਇਲਾਵਾ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਸ ਯੋਜਨਾ ਦਾ ਲਾਭ ਪਹੁੰਚ ਸਕੇ |