ਬਸੀ ਪਠਾਣਾਂ, 2 ਜੂਨ (ਯਤਿੰਦਰ ਮੌਦਗਿਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਵਲੋਂ ਬਸੀ ਪਠਾਣਾਂ ਦੇ ਪਿੰਡ ਰੁਪਾਲਹੇੜੀ ਦੇ ਕਿਸਾਨ ਗੁਰਪ੍ਰੀਤ ਸਿੰਘ ਦੇ 2.5 ਏਕੜ ਖੇਤ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਦਿਨੋਂ ਦਿਨ ਹੇਠਾਂ ਜਾ ਰਿਹਾ ਪੱਧਰ ਸਾਡੇ ਲਈ ਇਕ ਗੰਭੀਰ ਚੁਨੌਤੀ ਬਣਿਆ ਹੋਇਆ ਹੈ ਅਤੇ ਇਸ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅੱਜ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਬਣਾ ਕੇ ਸਿੱਧੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਬਸੀ ਪਠਾਣਾਂ ਮਨਦੀਪ ਕੌਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਸਿੰਚਾਈ ਵਾਲੇ ਪਾਣੀ ਦੀ 15-20 ਫ਼ੀਸਦੀ ਤੱਕ ਬੱਚਤ ਹੁੰਦੀ ਹੈ ਉਥੇ ਹੀ ਧਰਤੀ ਹੇਠਲੇ ਪਾਣੀ ਦਾ 10-20 ਫ਼ੀਸਦੀ ਜ਼ਿਆਦਾ ਰਿਚਾਰਜ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਲੈਣ ਲਈ ਕਿਸਾਨ 30 ਜੂਨ ਤੱਕ ਵਿਭਾਗ ਦੇ ਪੋਰਟਲ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਇਸ ਮੌਕੇ ਅਗਾਂਹਵਧੂ ਕਿਸਾਨ ਮਨਜੀਤ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |