ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵਲੋਂ ਸਾਜ਼ਿਸ਼ ਅਧੀਨ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੇ ਕੀਤੇ ਜਾ ਰਹੇ ਯਤਨਾਂ ਦਾ ਸਖ਼ਤ ਵਿਰੋਧ ਪ੍ਰਗਟਾਇਆ ਹੈ | ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਦੇ ਨਹੀਂ ਸੋਚਿਆ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਇਥੇ ਵਿਸ਼ੇਸ਼ ਉਦਯੋਗ ਲਗਾ ਕੇ ਪੰਜਾਬ ਦੀ ਨੌਜਵਾਨੀ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ, ਇਸ ਨਾਲ ਪੰਜਾਬ ਦੀ ਨੌਜਵਾਨੀ ਜਿਥੇ ਰੁਜ਼ਗਾਰ ਪ੍ਰਾਪਤ ਕਰਕੇ ਆਪਣਾ ਪਰਿਵਾਰ ਪਾਲ ਸਕੇਗੀ ਉਥੇ ਹੀ ਨਸ਼ਿਆਂ ਵਰਗੇ ਕੋਹੜ ਤੋਂ ਦੂਰ ਹੋ ਕੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਵਿਚ ਆਪਣਾ ਯੋਗਦਾਨ ਪਾ ਸਕੇਗੀ ਪਰ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨੂੰ ਸੂਬੇ ਦੇ ਬਣਦੇ ਹੱਕਾਂ ਤੋਂ ਵਾਂਝਾ ਹੀ ਰੱਖਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੋਂ ਪੰਜਾਬੀ ਬੋਲਦੇ ਇਲਾਕੇ ਖੋਹੇ ਗਏ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਤੋਂ ਦੂਰ ਕੀਤਾ, ਪੰਜਾਬ ਦੇ ਪਾਣੀਆਂ ਨੂੰ ਦੂਜੇ ਰਾਜਾਂ ਤੱਕ ਪਹੁੰਚਾਉਣ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹੁਣ ਸਾਜ਼ਿਸ਼ ਅਧੀਨ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੇ ਯਤਨ ਕੀਤੇ ਜਾ ਰਹੇ ਹਨ | ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਸਮੇਂ ਪਾਕਿਸਤਾਨ ਦੇ ਲਾਹੌਰ ਤੋਂ ਬਦਲ ਕੇ ਪੰਜਾਬ ਆਈ ਪੰਜਾਬ ਯੂਨੀਵਰਸਿਟੀ ਜੋ ਚੰਡੀਗੜ੍ਹ ਵਿਚ ਸਥਾਪਿਤ ਹੈ, ਦਾ ਨਾਂਅ ਬਦਲਣ ਦੀ ਕੇਂਦਰ ਸਰਕਾਰ ਵਲੋਂ ਇਕ ਸਾਜ਼ਿਸ਼ ਤਹਿਤ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ |