ਫ਼ਤਹਿਗੜ੍ਹ ਸਾਹਿਬ, 3 ਜੂਨ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਬੋਰਡ ਦੀਆਂ ਪ੍ਰੀਖਿਆਵਾਂ ਦਸਵੀਂ ਤੇ ਬਾਰ੍ਹਵੀਂ 'ਚੋਂ ਅੱਵਲ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਕੌਮੀ ਪੱਧਰੀ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ.ਸੋਨਾ ਥਿੰਦ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਬੋਰਡ ਦੀਆਂ ਪ੍ਰੀਖਿਆਵਾਂ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਕੌਮੀ ਪੱਧਰੀ ਖਿਡਾਰੀਆਂ ਨੂੰ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਡਾ. ਸੋਨਾ ਥਿੰਦ ਨੇ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਅਸ਼ੋਕ ਸੂਦ ਅਤੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਵੀ ਹਾਜ਼ਰ ਸਨ | ਇਹ ਸਨਮਾਨ ਸਕੂਲ ਅਤੇ ਵਿਦਿਆਰਥੀਆਂ ਲਈ ਇਕ ਮਾਣ ਵਾਲੀ ਗੱਲ ਹੈ |