ਫ਼ਤਹਿਗੜ੍ਹ ਸਾਹਿਬ, 3 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕਰਮਚਾਰੀ ਦਲ ਪੰਜਾਬ ਭਗੜਾਣਾ ਦੇ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਸੁਸ਼ੀਲ ਕੁਮਾਰ ਚੋਪੜਾ ਸਕੱਤਰ ਜਨਰਲ ਅਤੇ ਸੁਰਜੀਤ ਸਿੰਘ ਸੈਣੀ ਦਫ਼ਤਰ ਸਕੱਤਰ ਨੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਸਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਹਮਦਰਦੀ ਦਾ ਇਜ਼ਹਾਰ ਵੀ ਕੀਤਾ | ਜਥੇਦਾਰ ਭਗੜਾਣਾ ਨੇ ਕਿਹਾ ਕਿ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਨਿਰਸੁਆਰਥ ਭਾਵਨਾ ਨਾਲ ਇਮਾਨਦਾਰੀ ਤੇ ਸਚਾਈ ਦੇ ਰਸਤੇ ਚੱਲਦਿਆਂ ਪੰਜਾਬ ਦੀ ਬਿਹਤਰੀ ਅਤੇ ਪੰਥ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ | ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਸ ਤੋਂ ਇਲਾਵਾ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨੇ ਮੰਡੀ ਗੋਬਿੰਦਗੜ੍ਹ ਤੋਂ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਰਾਜੇਸ਼ ਸ਼ਰਮਾ ਦੇ ਪਿਤਾ ਸ੍ਰੀ ਰਾਮ ਗੋਪਾਲ ਸ਼ਰਮਾ ਦੇ ਅਕਾਲ ਚਲਾਣੇ 'ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |