ਫ਼ਤਹਿਗੜ੍ਹ ਸਾਹਿਬ, 3 ਜੂਨ (ਰਵਿੰਦਰ ਮੌਦਗਿਲ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਾਨੂੰਨੀ ਵਿਵਾਦਾਂ ਵਿਚ ਫਸੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ | ਜਿਸ ਦਾ ਕਾਰਜਕਾਲ 3 ਸਾਲ ਦਾ ਹੁੰਦਾ ਹੈ | ਇਸ ਬੋਰਡ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਯੋਗ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ, ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ | ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਨ੍ਹਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ | ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ | ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦਫ਼ਤਰ ਜ਼ਿਲ੍ਹਾ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫ਼ਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ-102 ਅਤੇ 103, ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ-34 ਏ, ਚੰਡੀਗੜ੍ਹ ਵਿਖੇ ਰਜਿਸਟਰਡ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈ.ਡੀ. 'ਤੇ ਕਰ ਸਕਦੇ ਹਨ ਅਤੇ ਅਪਲਾਈ ਕਰਨ ਦੀ ਅੰਤਿਮ ਮਿਤੀ 17 ਜੂਨ 2025 ਹੈ |