ਫ਼ਤਹਿਗੜ੍ਹ ਸਾਹਿਬ, 3 ਜੂਨ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਪੰਜਾਬ ਸਰਕਾਰ ਦੁਆਰਾ ਸੂਬੇ ਅੰਦਰ ਲਾਗੂ ਕੀਤੀ ਗਈ ਅਣਐਲਾਨੀ ਐਮਰਜੈਂਸੀ ਵਿਰੁੱਧ ਅਤੇ ਆਪਣੇ ਹੱਕ ਮੰਗਦੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਣ ਦੇ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੁਤਲੇ ਫ਼ੂਕ ਕੇ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਅਗਵਾਈ ਕਰ ਰਹੇ ਭਾਕਿਯੂ ਏਕਤਾ ਸਿੱਧੂਪੁਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਅਣਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ ਅਤੇ ਭਾਰਤੀ ਸੰਵਿਧਾਨ ਰਾਹੀਂ ਲੋਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ ਦਾ ਸ਼ਰੇਆਮ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸ਼ਾਇਦ ਅੱਜ ਵੀ ਆਪਣੇ ਆਪ ਨੂੰ ਇਕ ਕਲਾਕਾਰ ਹੀ ਸਮਝ ਰਹੇ ਹਨ ਇਸ ਲਈ ਉਹ ਉਸੇ ਤਰ੍ਹਾਂ ਸਟੇਜਾਂ 'ਤੇ ਖੜ੍ਹ ਕੇ ਬਿਆਨ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਇਕ ਸੰਵਿਧਾਨਿਕ ਅਹੁਦੇ 'ਤੇ ਬੈਠੇ ਹਨ ਅਤੇ ਇਕ ਸੰਪੂਰਨ ਰਾਜ ਦੇ ਮੁੱਖ ਮੰਤਰੀ ਵਲੋਂ ਦਿੱਤਾ ਗਿਆ ਬਿਆਨ ਕਿੰਨਾ ਮਹੱਤਵਪੂਰਨ ਹੁੰਦਾ ਹੈ? ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਕਿਸਾਨ ਆਗੂਆਂ ਨੂੰ ਕਿਸਾਨੀ ਮੁੱਦਿਆਂ 'ਤੇ ਖੁੱਲ੍ਹੀ ਡਿਬੇਟ ਲਈ ਚੁਨੌਤੀ ਦਿੰਦੇ ਹਨ ਅਤੇ ਜਦੋਂ ਕਿਸਾਨਾਂ ਨੇ ਉਨ੍ਹਾਂ ਦਾ ਚੈਲੰਜ ਕਬੂਲ ਕਰ ਲਿਆ ਤਾਂ ਮੁੱਖ ਮੰਤਰੀ ਆਪਣੇ ਉਸ ਬਿਆਨ ਤੋਂ ਫਿਰ ਭੱਜ ਗਏ, ਕਿਉਂਕਿ ਪਿਛਲੇ ਦਿਨੀਂ ਜਦੋਂ ਜਗਜੀਤ ਸਿੰਘ ਡੱਲੇਵਾਲ ਬਠਿੰਡਾ ਵਿਖੇ ਮੁੱਖ ਮੰਤਰੀ ਵਲੋਂ ਕੀਤੇ ਗਏ ਇਸ ਚੈਲੰਜ ਦੌਰਾਨ ਬਠਿੰਡਾ ਦੇ ਘਾਸੋਖਾਨਾ ਪਿੰਡ 'ਚੋਂ ਕੱਢੇ ਜਾ ਰਹੇ ਗੰਦੇ ਪਾਣੀ ਸਬੰਧੀ ਪੈੱ੍ਰਸ ਕਾਨਫ਼ਰੰਸ ਕਰਨ ਵਾਲੇ ਸਨ ਤਾਂ ਪੰਜਾਬ ਸਰਕਾਰ ਦੁਆਰਾ ਸੱਤਾ ਸ਼ਕਤੀ ਦੀ ਦੁਰਵਰਤੋਂ ਕਰਕੇ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ | ਸ. ਸਿੱਧੂਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਕਹਿੰਦੇ ਹਨ ਕਿ ਅੰਦੋਲਨਕਾਰੀ ਕਿਸਾਨ ਤੇ ਮਜ਼ਦੂਰ ਸੜਕਾਂ ਰੋਕਣ ਦੀ ਬਜਾਏ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੇ ਘਰ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਅਤੇ ਜਦੋਂ ਅੰਦੋਲਨਕਾਰੀ ਆਪਣੇ ਹੱਕਾਂ ਲਈ ਮੰਤਰੀਆਂ ਦੇ ਘਰ ਅੱਗੇ ਧਰਨਾ ਦੇਣਾ ਚਾਹੁੰਦੇ ਹਨ ਤਾਂ ਫਿਰ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਅੰਦੋਲਨਕਾਰੀਆਂ ਨੂੰ ਫੜ੍ਹ ਕੇ ਜੇਲ੍ਹਾਂ 'ਚ ਬੰਦ ਕਰ ਦਿੱਤਾ ਜਾਂਦਾ ਹੈ | ਕੀ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਆਪਣੇ ਹੀ ਬਿਆਨਾਂ ਤੋਂ ਮੁੱਕਰ ਕੇ ਸੰਵਿਧਾਨਿਕ ਅਹੁਦੇ ਦਾ ਅਪਮਾਨ ਨਹੀਂ ਕਰ ਰਹੇ? ਇਸ ਮੌਕੇ ਗੁਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਣਐਲਾਨੀ ਐਮਰਜੈਂਸੀ ਤਹਿਤ ਪੰਜਾਬ ਵਾਸੀਆਂ ਦੇ ਸਾਹ ਲੈਣ 'ਤੇ ਵੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਘਰਾਂ 'ਚੋਂ ਚੁੱਕ-ਚੁੱਕ ਕੇ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ, ਜੋ ਕਿ ਲੋਕਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਹੈ | ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ 'ਚ ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ, ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ, ਜ਼ਿਲ੍ਹਾ ਯੂਥ ਕਨਵੀਨਰ ਗੁਰਜਿੰਦਰ ਸਿੰਘ ਖੋਜੇਮਾਜਰਾ, ਪ੍ਰੇਮ ਸਿੰਘ ਛੰਨਾ, ਉੱਤਮ ਸਿੰਘ ਬਰਵਾਲੀ, ਨਾਜਰ ਸਿੰਘ ਰੁੜਕੀ, ਰਜਿੰਦਰ ਸਿੰਘ ਬੱਬੀ, ਰਜਿੰਦਰ ਸਿੰਘ ਸੁਹਾਗਹੇੜੀ, ਸੁੱਚਾ ਸਿੰਘ ਮਲਕੋਮਾਜਰਾ, ਬਲਦੇਵ ਸਿੰਘ ਮੁੱਲਾਂਪੁਰ, ਬਲਦੇਵ ਸਿੰਘ ਪਮੌਰ, ਕਿਰਪਾਲ ਸਿੰਘ ਬਦੇਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਸਨ |