ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉਥੇ ਨਸ਼ੇ ਤੋਂ ਪੀੜਤ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ | ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੇੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਅੰਦਰ ਨਸ਼ਾ ਪੀੜਤ ਵਿਅਕਤੀਆਂ ਦੇ ਮੈਡੀਕਲ ਇਲਾਜ, ਪੂਰਨ ਇਲਾਜ ਤੱਕ ਦਾਖ਼ਲੇ ਦਾ ਪ੍ਰਬੰਧ, ਨਸ਼ਾ ਛੱਡਣ ਲਈ ਦਿ੍ੜ੍ਹ ਸ਼ਕਤੀ ਉਤਪੰਨ ਕਰਨ, ਚੰਗੀ ਜ਼ਿੰਦਗੀ ਜਿਊਣ ਲਈ ਸਹੀ ਰਸਤੇ ਬਾਰੇ ਪ੍ਰੇਰਿਤ ਕਰਨ, ਨਸ਼ਾ ਛੱਡਣ ਉਪਰੰਤ ਰੋਜ਼ਗਾਰ ਲਈ ਜਾਗਰੂਕ ਕਰਨ, ਸਮਾਜਿਕ/ਧਾਰਮਿਕ ਕੰਮਾਂ ਵਿਚ ਰੁਚੀ ਲੈਣ ਲਈ ਪ੍ਰੇਰਿਤ ਕਰਨ ਆਦਿ ਸਹੂਲਤਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਲਾਭਪਾਤਰੀਆਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ, ਮੁੜ ਵਸੇਬਾ ਕੇਂਦਰ ਤੇ ਓਟ ਸੈਂਟਰਾਂ ਵਿਚ ਲੋੜੀਂਦੀਆਂ ਸਾਰੀਆਂ ਦਵਾਈਆਂ, ਟੈਸਟਿੰਗ ਕਿੱਟਾਂ, ਕੇਂਦਰਾਂ ਦੀ ਸਾਫ਼ ਸਫ਼ਾਈ ਪ੍ਰਬੰਧਨ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਗਿਆ ਹੈ | ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਰੀਤੂ ਧੀਮਾਨ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਵਿਕਰਮਜੀਤ ਸਿੰਘ ਕੌਂਸਲਰ, ਨਰਸਿੰਗ ਸਟਾਫ਼ ਕਰਨੈਲ ਚੰਦ ਤੇ ਸਮੂਹ ਸਟਾਫ਼ ਤੋਂ ਇਲਾਵਾ ਨਸ਼ਾ ਪੀੜਤ ਵਿਅਕਤੀ ਵੀ ਹਾਜ਼ਰ ਸਨ |