ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਦੀ ਅਗਵਾਈ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ' ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਮਿਲ ਰਹੇ ਸਹਿਯੋਗ ਤੋਂ ਸਪੱਸ਼ਟ ਹੈ ਕਿ ਸੂਬੇ ਅੰਦਰ ਬਹੁਤੀ ਦੇਰ ਨਸ਼ੇ ਰਹਿਣ ਨਹੀਂ ਦਿੱਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਧੀਰਪੁਰ, ਰੰਧਾਵਾ, ਮੱਠੀ ਤੇ ਬੋਰਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ, ਪੰਚਾਇਤਾਂ ਤੇ ਨੌਜਵਾਨ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਵਿਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨੀ ਅੱਜ ਦੀ ਸਭ ਤੋਂ ਵੱਡੀ ਲੋੜ ਹੈ | ਵਿਧਾਇਕ ਰਾਏ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ, ਸਗੋਂ ਕੁਝ ਸਿਆਸੀ ਆਗੂ ਹੀ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀ ਕਰਦੇ ਰਹੇ | ਜਿਸ ਨਾਲ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਨੇ ਬੇਖ਼ੌਫ ਹੋ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ਵਿਚ ਸੁੱਟ ਦਿੱਤਾ | ਉਨ੍ਹਾਂ ਕਿਹਾ ਕਿ ਸੂਬੇ ਦਾ ਇਤਿਹਾਸ ਗਵਾਹ ਹੈ ਕਿ ਮੁੱਖ ਮੰਤਰੀ ਨੇ ਜਿਸ ਦਲੇਰੀ ਨਾਲ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਫ਼ੈਸਲੇ ਕੀਤੇ ਹਨ ਉਹ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਨਹੀਂ ਕੀਤੇ | ਇਸ ਮੌਕੇ ਵਿਧਾਇਕ ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੜੀ ਜਾ ਰਹੀ ਜੰਗ ਵਿਚ ਵਧ-ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਕ ਮੌਕੇ ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਣ ਵੀ ਦਿਵਾਇਆ |