ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਰਵਿੰਦਰ ਮੌਦਗਿੱਲ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਵੱਖ ਵੱਖ ਰਾਜਨੀਤਿਕ ਪਾਰਟੀਆਂ, ਅਹੁਦੇਦਾਰਾਂ ਵਲੋਂ ਕੀਤੇ ਜਾਣ ਵਾਲੇ ਸਿਆਸੀ ਜਲਸਿਆਂ, ਰੈਲੀਆਂ ਰੋਸ ਧਰਨੇ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ ਵਲੋਂ ਵੱਖ-ਵੱਖ ਪ੍ਰੋਗਰਾਮ/ਸਮਾਗਮਾਂ ਦੌਰਾਨ ਕਿਸੇ ਵੀ ਜਨਤਕ ਸਥਾਨ 'ਤੇ ਲਾਊਡ ਸਪੀਕਰ ਦੀ ਵਰਤੋਂ, ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿਚ ਡੀ.ਜੇ., ਆਰਕੈਸਟਰਾ ਜਾਂ ਸੰਗੀਤਕ ਯੰਤਰ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਜ਼) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ | ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਜਾਂ ਆਵਾਜ਼ੀ ਯੰਤਰ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ | ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ |