ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਹੜ੍ਹਾਂ ਦੇ ਹਾਲਾਤ ਬਣਨ ਕਾਰਨ, ਉੱਥੇ ਦੇ ਸਥਾਨਕ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਪ੍ਰਸ਼ਾਸਨ ਦੇ ਨਾਲ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਸਾਨੂੰ ਵੀ ਅੱਗੇ ਹੋ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੂਬਾ ਸਪੋਕਸਮੈਨ ਤੇ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਮਦਰਾਸੀ ਕਾਲੋਨੀ ਵਿਖੇ ਕਰਵਾਏ ਸਮਾਗਮ 'ਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਮਾਰ ਝੱਲ ਰਹੇ ਲੋਕਾਂ ਨਾਲ ਮੁਸ਼ਕਿਲ ਦੀ ਘੜੀ 'ਚ ਖੜ੍ਹਨ ਦੀ ਲੋੜ ਹੈ, ਇਸ ਲਈ ਉਨ੍ਹਾਂ ਲਈ ਰਾਸ਼ਨ, ਸੁੱਕਾ ਦੁੱਧ, ਪਸ਼ੂਆਂ ਲਈ ਚਾਰਾ, ਦਵਾਈਆਂ, ਤਿ੍ਪਾਲਾਂ ਆਦਿ ਮੁਹੱਈਆ ਕਰਾਉਣ ਲਈ ਸਾਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਸਮਾਜ ਸੇਵੀ ਆਪਣੀਆਂ ਕਮੇਟੀਆਂ ਬਣਾ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਤੱਕ ਐਮਰਜੈਂਸੀ ਸੇਵਾਵਾਂ ਪਹੰੁਚਾਈਆਂ ਜਾ ਸਕਣ | ਇਸ ਮੌਕੇ ਕਾਲੋਨੀ ਪ੍ਰਧਾਨ ਰਾਮੂ, 'ਆਪ' ਦੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਪੰਡਿਤ ਦੀਨ, ਤਰਨਪਾਲ ਢਿੱਲੋਂ, ਦਯਾਲ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |