ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਲੋਂ 18ਵਾਂ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਜ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਰੂਹਾਨੀ ਅਨੁਭਵ ਨਾਲ ਭਰ ਦਿੱਤਾ | ਇਸ ਉਪਰੰਤ ਵਿਦਿਆਰਥੀਆਂ ਨੇ ਵਾਰ ਗਾਇਨ ਤੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਯੂਨੀਵਰਸਿਟੀ ਦੇ 17 ਸਾਲਾਂ ਦੀ ਸਫਲ ਯਾਤਰਾ ਪੂਰੀ ਕਰਨ ਲਈ ਵਧਾਈ ਦਿੱਤੀ | ਉਨ੍ਹਾਂ 2024-25 ਅਕਾਦਮਿਕ ਸਾਲ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ਼ ਨੇ ਕੇਵਲ ਅਕਾਦਮਿਕ ਖੇਤਰ ਵਿਚ ਹੀ ਨਹੀਂ, ਸਗੋਂ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ | ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੈਂਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਫੋਰਥ ਸੈਂਟੇਨਰੀ ਮੈਮੋਰੀਅਲ ਟਰੱਸਟ ਨੇ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ਼ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਗੱਲ ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਸ ਸਾਲ ਦਾਖ਼ਲਿਆਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ | ਉਨ੍ਹਾਂ ਸੰਗਤਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾ ਲਈ ਡਟ ਕੇ ਖੜ੍ਹੇ ਹੋਣ ਦੀ ਅਪੀਲ ਕੀਤੀ | ਅਜਮੇਰ ਸਿੰਘ ਖਹਿਰਾ, ਮੈਂਬਰ ਸੈਨੇਟ ਨੇ ਕਿਹਾ ਕਿ ਯੂਨੀਵਰਸਿਟੀ ਆਪਣੀ ਦਿ੍ਸ਼ਟੀਕੋਣ ਅਨੁਸਾਰ ਦੁਨੀਆ ਵਿਚ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਯੋਗਦਾਨ ਪਾ ਰਹੀ ਹੈ | ਸੰਗੀਤ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ | ਉਨ੍ਹਾਂ ਗੁਰਬਾਣੀ ਅੰਦਰ ਸੰਗੀਤ ਦੇ ਮਹਾਤਮ ਨੂੰ ਉਜਾਗਰ ਕਰਦਿਆਂ ਸ਼ਬਦ ਕੀਰਤਨ ਨਾਲ ਜੁੜਨ ਦੀ ਪ੍ਰੇਰਨਾ ਕੀਤੀ | ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਆਸ ਜਤਾਈ ਕਿ ਆਉਣ ਵਾਲੇ ਸਾਲਾਂ ਵਿਚ ਇਹ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿਚ ਹੀ ਨਹੀਂ ਸਗੋਂ ਨਵੀਂ ਪੀੜ੍ਹੀ ਵਿਚ ਸਿੱਖੀ ਦੇ ਸਿਧਾਂਤ ਰਚਾਉਣ ਵਿਚ ਵੀ ਅੱਗੇ ਰਹੇਗੀ | ਸਮਾਰੋਹ ਵਿਚ ਜਗਦੀਪ ਸਿੰਘ ਚੀਮਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਜੋਗਾ ਸਿੰਘ ਸੁਪਰਵਾਈਜ਼ਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਸਮਾਗਮ ਦੀ ਅਗਵਾਈ ਡਾ. ਪਲਵਿੰਦਰ ਕੌਰ ਨੇ ਕੀਤੀ | ਸਮਾਰੋਹ ਦਾ ਸਮਾਪਨ ਯੂਨੀਵਰਸਿਟੀ ਦੀ ਗਤਕਾ ਟੀਮ ਦੇ ਜਜ਼ਬੇ ਨਾਲ ਭਰੇ ਪ੍ਰਦਰਸ਼ਨ ਨਾਲ ਹੋਇਆ |